ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ

1

ਫਾਜ਼ਿਲਕਾ  9 ਅਕਤੂਬਰ 2026 AJ DI Awaaj

Punjab Desk :   ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਵਪਾਰੀਆਂ ਦੀਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨਰ ਅਤੁਲ ਨਾਗਪਾਲ ਅਤੇ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਫਾਜ਼ਿਲਕਾ ਅਨੁਰਾਜ ਅਹੂਜਾ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਵਪਾਰੀਆਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਜਿਸ ਵਿੱਚ ਸਾਫ਼-ਸਫ਼ਾਈ, ਆਵਾਰਾ ਪਸ਼ੂਆਂ ਦੀ ਸਮੱਸਿਆ, ਬਾਜ਼ਾਰਾਂ ਵਿੱਚ ਜਨਤਕ ਪਖਾਨੇ, ਸਾਫ਼ ਪੀਣ ਵਾਲਾ ਪਾਣੀ, ਬੱਸ ਸਟਾਪ ਅਤੇ ਸੜਕਾਂ ‘ਤੇ ਨਾਜਾਇਜ਼ ਕਬਜ਼ਿਆਂ, ਸੜਕਾਂ ਦਾ ਨਵੀਨੀਕਰਨ ਅਤੇ ਸੜਕਾਂ ਤੇ ਚੌਂਕਾਂ ਤੇ ਕੈਮਰੇ ਆਦਿ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਛੇਤੀ ਤੋਂ ਛੇਤੀ ਨਿਪਟਾਰੇ ਲਈ ਹਦਾਇਤ ਕੀਤੀ।
ਇਸ ਉਪਰੰਤ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ₹40 ਕਰੋੜ (ਹਰ ਜ਼ਿਲ੍ਹੇ ਲਈ ₹2 ਕਰੋੜ) ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਲਗਭਗ 7,000 ਸ਼ਿਕਾਇਤਾਂ ਪਹੁੰਚੀਆਂ ਸਨ, ਜਿਨ੍ਹਾਂ ਵਿੱਚੋਂ 6,000 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਬਾਜ਼ਾਰਾਂ ਦੀ ਦਿੱਖ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਵਪਾਰੀਆਂ ਨਾਲ ਸਬੰਧਤ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਨਿਰੰਤਰ ਕਾਰਜ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ‘ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਟਰੇਡਰਜ਼ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਕਾਰ ਅਹਿਮ ਪੁਲ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਚੇਅਰਮੈਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਇਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਆਰੀਆਂ ਨਾਲ ਤਾਲਮੇਲ ਕਰਦੇ ਹਨ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸਮੱਸਿਆਂਵਾਂ/ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਤੋਂ ਲਗਭਗ  489 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 86 ਪ੍ਰਤੀਸ਼ਤ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਦੇ ਵਪਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵਪਾਰੀਆਂ ਨੂੰ ਲੋੜੀਂਦਾ ਪ੍ਰਸ਼ਾਸਕੀ ਸਹਿਯੋਗ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਅਤੇ ਸੁਝਾਵਾਂ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਕਾਰਜ ਸਾਧਕ ਅਫਸਰ ਨਗਰ ਕੌਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।