ਫ਼ਰੀਦਕੋਟ, 8 ਅਕਤੂਬਰ 2026 AJ DI Awaaj
Punjab Desk : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿਖੇ ਮਨਾਏ ਗਏ 9ਵੇਂ ਰਾਸ਼ਟਰੀ ਪੋਸ਼ਣ ਮਾਹ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। 9 ਸਤੰਬਰ ਤੋਂ ਸ਼ੁਰੂ ਹੋਏ ਇਸ ਪੋਸ਼ਣ ਮਾਹ ਦੌਰਾਨ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ, ਖੁਰਾਕ ਵਿੱਚ ਵਿਭਿੰਨਤਾ, ਪ੍ਰੋਟੀਨ ਦੀ ਮਹੱਤਤਾ ਅਤੇ ਸਿਹਤਮੰਦ ਜੀਵਨ-ਸ਼ੈਲੀ ਬਾਰੇ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਆਂਗਣਵਾੜੀ ਕੇਂਦਰਾਂ ਵਿਖੇ ਪੋਸ਼ਣ ਮੇਲੇ, ਸਿਹਤਮੰਦ ਖਾਣ-ਪੀਣ ਸਬੰਧੀ ਪ੍ਰਦਰਸ਼ਨੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਪੋਸ਼ਣ ਭਰਪੂਰ ਖੁਰਾਕ ਅਪਣਾਉਣ ਅਤੇ ਬੱਚਿਆਂ ਦੇ ਸਹੀ ਸਰੀਰਕ ਤੇ ਮਾਨਸਿਕ ਵਿਕਾਸ ਲਈ ਲੋੜੀਂਦੇ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਨੇ ਕਿਹਾ ਕਿ ਤੰਦਰੁਸਤ ਸਮਾਜ ਦੀ ਨੀਂਹ ਸਿਹਤਮੰਦ ਅਤੇ ਪੋਸ਼ਣਯੁਕਤ ਬਚਪਨ ਤੋਂ ਰੱਖੀ ਜਾਂਦੀ ਹੈ। ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੰਤੁਲਿਤ ਖੁਰਾਕ, ਸਾਫ਼-ਸਫ਼ਾਈ ਅਤੇ ਸਿਹਤ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੋਸ਼ਣ ਮਾਹ ਦੌਰਾਨ ਕਰਵਾਈਆਂ ਗਈਆਂ ਗਤੀਵਿਧੀਆਂ ਦਾ ਮੁੱਖ ਉਦੇਸ਼ ਹਰ ਪਰਿਵਾਰ ਤੱਕ ਪੋਸ਼ਣ ਸਬੰਧੀ ਸਹੀ ਜਾਣਕਾਰੀ ਪਹੁੰਚਾਉਣਾ ਅਤੇ ਸਿਹਤਮੰਦ ਖੁਰਾਕ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਦੇ ਨਾਲ ਹੀ ਆਂਗਣਵਾੜੀ ਕੇਂਦਰਾਂ ਰਾਹੀਂ ਪ੍ਰਧਾਨ ਮੰਤਰੀ ਮਾਤ੍ਰੂ ਵੰਦਨਾ ਯੋਜਨਾ ਬਾਰੇ ਵੀ ਯੋਗ ਲਾਭਪਾਤਰੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਪਹਿਲੇ ਬੱਚੇ ਦੇ ਜਨਮ ਸਮੇਂ 5,000 ਰੁਪਏ ਅਤੇ ਦੂਜਾ ਬੱਚਾ ਲੜਕੀ ਹੋਣ ਦੀ ਸੂਰਤ ਵਿੱਚ 6,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਹੈ। ਇਸ ਯੋਜਨਾ ਦਾ ਉਦੇਸ਼ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਤੇ ਪੋਸ਼ਣ ਵਿੱਚ ਸੁਧਾਰ ਕਰਨਾ ਅਤੇ ਉਨ੍ਹਾਂ ਨੂੰ ਬੱਚੇ ਦੀ ਦੇਖਭਾਲ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਯੋਗ ਮਹਿਲਾਵਾਂ ਨੂੰ ਆਪਣੇ ਨੇੜਲੇ ਆਂਗਣਵਾੜੀ ਕੇਂਦਰ ਵਿੱਚ ਸੰਪਰਕ ਕਰਕੇ ਯੋਜਨਾ ਦਾ ਲਾਭ ਲੈਣ ਲਈ ਅਰਜ਼ੀ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਅੰਤ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ 9ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਫ਼ਲ ਬਣਾਉਣ ਲਈ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੋਸ਼ਣ ਸਬੰਧੀ ਜਾਗਰੂਕਤਾ ਨੂੰ ਲੋਕ ਲਹਿਰ ਬਣਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। ਇਸ ਤਰ੍ਹਾਂ ਜ਼ਿਲ੍ਹਾ ਫ਼ਰੀਦਕੋਟ ਵਿੱਚ 9ਵਾਂ ਰਾਸ਼ਟਰੀ ਪੋਸ਼ਣ ਮਾਹ ਸਫ਼ਲਤਾਪੂਰਵਕ ਸੰਪੰਨ ਹੋਇਆ।

















