ਕੋਟਕਪੂਰਾ, 14 ਅਕਤੂਬਰ 2026 AJ DI Awaaj
Punjab Desk : ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜਨਾ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੇਂਟਿੰਗ ਮੁਕਾਬਲੇ, ਭਾਸ਼ਣ ਮੁਕਾਬਲੇ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਪ੍ਰਣ ਸਮਾਗਮ ਅਤੇ ਜਾਗਰੂਕਤਾ ਰੈਲੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਪੰਜਗਰਾਈਂ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਂ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਪੱਤੀ ਅਤੇ ਗਿੱਲ ਪੱਤੀ, ਗੁਰੂ ਨਾਨਕ ਮਿਸ਼ਨ ਸਕੂਲ ਅਤੇ ਰੈਸ਼ਨਲ ਪਬਲਿਕ ਸਕੂਲ ਪੰਜਗਰਾਈਂ ਕਲਾਂ ਵਿਖੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਸ਼ਹੀਦ ਗੁਰਪ੍ਰੀਤ ਸਿੰਘ ਪੀ.ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ, ਮਾਤਾ ਹਰਨਾਮ ਕੌਰ ਸਕੂਲ ਢਿੱਲਵਾਂ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ ਕਲਾਂ ਵਿਖੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਮੈਡਮ ਅੰਜਨਾ ਕੌਸ਼ਲ ਨੇ ਹੋਰ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਜੈਤੋ ਚੁੰਗੀ ਵਾਰਡ ਨੰਬਰ 11 ਅਤੇ ਵਾਰਡ ਨੰਬਰ 9, ਸਰਕਾਰੀ ਮਿਡਲ ਸਕੂਲ ਗਾਂਧੀ ਬਸਤੀ ਵਾਰਡ ਨੰਬਰ 10, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 10 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਨਗਰ ਵਿਖੇ ਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
ਉਨ੍ਹਾਂ ਕਿਹਾ ਕਿ ਪੇਂਟਿੰਗ ਅਤੇ ਭਾਸ਼ਣ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਵਿਚਾਰਾਂ ਰਾਹੀਂ ਨਸ਼ਿਆਂ ਵਿਰੁੱਧ ਸੁਨੇਹਾ ਦੇਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਪ੍ਰਣ ਕਰਵਾਇਆ ਗਿਆ। ਜਾਗਰੂਕਤਾ ਰੈਲੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ ਗਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਕੂਲੀ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪਵਨ ਕੁਮਾਰ ਅਤੇ ਜਿਲ੍ਹਾ ਗਾਇਡੈਂਸ ਕੌਂਸਲਰ ਜਸਬੀਰ ਸਿੰਘ ਜੱਸੀ ਵੀ ਹਾਜ਼ਰ ਸਨ।



















