ਸਰਕਾਰ ਵੱਲੋਂ ਨਿਸ਼ਾਨੇ ’ਤੇ ਰੱਖੇ ਡਰੱਗ ਹੌਟਸਪੌਟਸ ਨੂੰ ਜਲਦ ਕੀਤਾ ਜਾਵੇਗਾ ਠੀਕ

3

ਫਾਜ਼ਿਲਕਾ 19 ਅਕਤੂਬਰੀ 2026 AJ DI Awaaj

Punjab Desk :  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਫਿਲੌਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਪਤਾਨਾਂ, ਡੀ.ਪੀ.ਆਰ.ਓਜ਼, ਐੱਸ.ਡੀ.ਐੱਮਜ਼, ਡੀ.ਐੱਸ.ਪੀਜ਼ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰਾਂ ਨੇ ਸ਼ਮੂਲੀਅਤ ਕੀਤੀ।

ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫਾਜ਼ਿਲਕਾ ਤੋਂ ਮੁਹਿੰਮ ਦੇ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਪਾਸੇ ਜਾਗਰੂਕਤਾ ਕੈਂਪ ਲਗਾ ਕੇ ਇਸ ਨੂੰ ਲੋਕ ਲਹਿਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਇਲਾਕਿਆਂ ਨੂੰ ਸੁਧਾਰਨ ਲਈ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਡਰੱਗ ਹੌਟਸਪੌਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਧਾਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਖੰਡਰ ਅਤੇ ਬੇਕਾਰ ਪਈਆਂ ਇਮਾਰਤਾਂ ਨੂੰ ਠੀਕ ਕਰਕੇ ਵਰਤੋਂ ਵਿੱਚ ਲਿਆਉਣ, ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਸਖ਼ਤੀ ਵਧਾਉਣ ਅਤੇ ਨਾਕਾਬੰਦੀ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ।

ਨਵਦੀਪ ਕੰਧਵਾਲੀਆ ਨੇ ਕਿਹਾ ਕਿ ਇਨ੍ਹਾਂ ਕਦਮਾਂ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਅਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਡਰੱਗ ਹੌਟਸਪੌਟਸ ਨੂੰ ਸੁਧਾਰਨ ਨਾਲ ਇਨ੍ਹਾਂ ਇਲਾਕਿਆਂ ਵਿੱਚ ਗੈਰ-ਸਮਾਜਿਕ ਗਤੀਵਿਧੀਆਂ ਨੂੰ ਰੋਕਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਪ੍ਰਸ਼ਾਸਨ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਰਕਾਰ, ਪ੍ਰਸ਼ਾਸਨ, ਪੁਲਿਸ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ।