ਬਰਨਾਲਾ, 20 ਅਕਤੂਬਰ 2026 AJ DI Awaaj
Punjab Desk : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ, ਬਰਨਾਲਾ ਵੱਲੋਂ ਆਂਗਣਵਾੜੀ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਵਿਚ ਆਮ ਲੋਕਾਂ ਨੂੰ ਬੱਚਾ ਗੋਦ ਲੈਣ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਜਾਗਰੂਕਤਾ ਮੁਹਿੰਮ ਦੌਰਾਨ ਸੋਸ਼ਲ ਵਰਕਰ ਅਮਨਪ੍ਰੀਤ ਕੌਰ ਅਤੇ ਨਰਸ ਰਮਨਦੀਪ ਕੌਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਕਾਨੂੰਨੀ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਹੀ ਕੀਤੀ ਜਾਂਦੀ ਹੈ। ਉਨ੍ਹਾਂ ਇੱਛੁਕ ਮਾਤਾ-ਪਿਤਾ ਨੂੰ ਗੋਦ ਲੈਣ ਦੀ ਪ੍ਰਕਿਰਿਆ, ਯੋਗਤਾ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਮਾਹਰਾਂ ਵੱਲੋਂ ਦੱਸਿਆ ਗਿਆ ਕਿ ਬੱਚਾ ਗੋਦ ਲੈਣ ਲਈ ਇੱਛੁਕ ਵਿਅਕਤੀ ਸੈਂਟਰਲ ਅਡਾਪਸ਼ਨ ਰਿਸੋਰਸ ਅਥਾਰਟੀ (CARA) ਦੇ ਪੋਰਟਲ ‘ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਗੋਦ ਲੈਣ ਜਾਂ ਦੇਣ ਤੋਂ ਗੁਰੇਜ਼ ਕਰਨ ਅਤੇ ਕੇਵਲ ਅਧਿਕਾਰਤ ਏਜੰਸੀ ਰਾਹੀਂ ਹੀ ਨਿਰਧਾਰਤ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨ।
ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਲੋੜਵੰਦ ਬੱਚਿਆਂ ਦੇ ਅਧਿਕਾਰਾਂ ਅਤੇ ਸਰਵੋਤਮ ਹਿੱਤਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ, ਪਿਆਰ ਭਰਿਆ ਅਤੇ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਲਈ ਸਮਾਜ ਵਿੱਚ ਕਾਨੂੰਨੀ ਗੋਦ ਲੈਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰਪਾਲ ਕੌਰ ਧਾਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੈ, ਤਾਂ ਉਹ ਸਰਕਾਰੀ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ, ਬਰਨਾਲਾ ਜਾਂ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਸੰਪਰਕ ਕਰਕੇ ਕਾਨੂੰਨੀ ਤਰੀਕੇ ਨਾਲ ਕਾਰਵਾਈ ਪੂਰੀ ਕਰਵਾਏ। ਇਸ ਮੌਕੇ ਆਂਗਣਵਾੜੀ ਵਰਕਰ ਸੀਤਾ ਰਾਣੀ ਅਤੇ ਸੁਖਵੀਰ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।



















