‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਅਕਤੂਬਰ ਨੂੰ ਵਿਸ਼ੇਸ਼ ਕੈਂਪ

1

ਫ਼ਰੀਦਕੋਟ, 21 ਅਕਤੂਬਰ 2026 AJ DI Awaaj

Punjab Desk :   ਬਜ਼ੁਰਗਾਂ ਦੇ ਮਾਣ-ਸਤਿਕਾਰ ਨੂੰ ਸਮਰਪਿਤ ਅਤੇ ਉਨ੍ਹਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਅਧੀਨ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਬਜ਼ੁਰਗਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ। ਉਨ੍ਹਾਂ ਦੇ ਤਜਰਬੇ, ਜੀਵਨ ਪ੍ਰਤੀ ਨਜ਼ਰੀਏ ਅਤੇ ਨੈਤਿਕ ਕਦਰਾਂ-ਕੀਮਤਾਂ ਸਮਾਜ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਦੇਖਭਾਲ ਸਿਰਫ਼ ਪਰਿਵਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਬਜ਼ੁਰਗਾਂ ਦੇ ਤਜਰਬਿਆਂ ਨਾਲ ਜੋੜਨਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਦੌਰਾਨ ਬਜ਼ੁਰਗਾਂ ਦੀ ਸਹੂਲਤ, ਸਿਹਤ ਸੰਭਾਲ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਪਹਿਲ ਦਿੱਤੀ ਜਾਵੇ। ਸਿਹਤ ਵਿਭਾਗ ਸਮੇਤ ਸਬੰਧਤ ਵਿਭਾਗਾਂ ਵੱਲੋਂ ਆਪੋ-ਆਪਣੇ ਪੱਧਰ ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਬਜ਼ੁਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਦਾ ਉਪਰਾਲਾ ਹੈ। ਉਨ੍ਹਾਂ ਸਮੂਹ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।

ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਮਨਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੰਘ ਸਿੱਧੂ, ਜਿਲ੍ਹਾ ਭਾਸ਼ਾ ਅਫਸਰ ਮਨਜੀਤ ਸਿੰਘ ਪੁਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।