‘ਖੇਤ ਬਚਾਓ ਅਭਿਆਨ’ ਤਹਿਤ ਕਿਸਾਨ ਸਿਖਲਾਈ ਕੈਂਪ ਆਯੋਜਿਤ

3

ਮਲੇਰਕੋਟਲਾ, 24 ਅਕਤੂਬਰ 2026 AJ DI Awaaj

Punjab Desk :   ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐੱਸ. ਤਿੜਕੇ ਅਤੇ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਹਰਬੰਸ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਮਲੇਰਕੋਟਲਾ ਦੇ ਪਿੰਡ ਗੁਆਰਾ ਵਿਖੇ ‘ਖੇਤ ਬਚਾਓ ਅਭਿਆਨ’ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਨਵਦੀਪ ਕੁਮਾਰ ਨੇ ਕਿਹਾ ਕਿ ਫ਼ਸਲਾਂ ਤੋਂ ਚੰਗਾ ਝਾੜ ਪ੍ਰਾਪਤ ਕਰਨ ਅਤੇ ਖੇਤੀ ਖ਼ਰਚੇ ਘਟਾਉਣ ਲਈ ਖਾਦਾਂ ਦੀ ਸੰਤੁਲਿਤ ਅਤੇ ਲੋੜ ਅਨੁਸਾਰ ਵਰਤੋਂ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਯੂਰੀਏ ਦੀ ਬੇਲੋੜੀ ਵਰਤੋਂ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਦੱਸਿਆ ਕਿ ਲੋੜ ਤੋਂ ਵੱਧ ਨਾਈਟ੍ਰੋਜਨ ਵਾਲੀਆਂ ਖਾਦਾਂ ਪਾਉਣ ਨਾਲ ਫ਼ਸਲਾਂ ਉੱਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਵਧ ਸਕਦਾ ਹੈ, ਜਿਸ ਨਾਲ ਖੇਤੀ ਲਾਗਤ ਵਿੱਚ ਵਾਧਾ ਹੋਣ ਦੇ ਨਾਲ ਫ਼ਸਲ ਦੀ ਗੁਣਵੱਤਾ ਅਤੇ ਪੈਦਾਵਾਰ ਵੀ ਪ੍ਰਭਾਵਿਤ ਹੋ ਸਕਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਲਈ ਰੂੜੀ ਖਾਦ ਅਤੇ ਹਰੀ ਖਾਦ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜੈਵਿਕ ਖਾਦਾਂ ਦੀ ਵਰਤੋਂ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦਾ ਵਾਧਾ ਹੁੰਦਾ ਹੈ ਅਤੇ ਮਿੱਟੀ ਦੀ ਬਣਤਰ ਤੇ ਉਪਜਾਊ ਸ਼ਕਤੀ ਵਿੱਚ ਸੁਧਾਰ ਆਉਂਦਾ ਹੈ।

ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ ਮਿੱਟੀ ਵਿਚਲੇ ਲਾਭਦਾਇਕ ਸੂਖਮ ਜੀਵਾਂ ਅਤੇ ਪੌਸ਼ਟਿਕ ਤੱਤਾਂ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਦੀ ਸਹਾਇਤਾ ਨਾਲ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਪਰਾਲੀ ਦੀ ਸਹੀ ਸਾਂਭ-ਸੰਭਾਲ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਦੇ ਨਾਲ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਪਰਾਲੀ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਅਪਣਾ ਕੇ ਟਿਕਾਊ ਅਤੇ ਲਾਹੇਵੰਦ ਖੇਤੀ ਵੱਲ ਕਦਮ ਵਧਾਉਣ।

ਇਸ ਮੌਕੇ ਕੋਆਪਰੇਟਿਵ ਇੰਸਪੈਕਟਰ ਜਸਵੀਰ ਕੌਰ, ਸ੍ਰੀ ਦਲਜੀਤ ਸਿੰਘ ਏ.ਟੀ.ਐੱਮ. ਅਤੇ ਸ੍ਰੀ ਬਿੰਦਰ ਖਾਨ ਬੇਲਦਾਰ ਵੀ ਮੌਜੂਦ ਸਨ।