ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੱਦਾ

2
ਫ਼ਰੀਦਕੋਟ, 31 ਅਕਤੂਬਰ 2026 AJ DI Awaaj
Punjab Desk :    ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਅਤੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਵਿਜੀਲੈਂਸ ਜਾਗਰੂਕਤਾ ਹਫ਼ਤਾ 26 ਅਕਤੂਬਰ ਤੋਂ 1 ਨਵੰਬਰ 2026 ਤੱਕ ਮਨਾਇਆ ਜਾ ਰਿਹਾ ਹੈ। ਇਸ ਸਾਲ ਦੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਥੀਮ “ਇਮਾਨਦਾਰੀ ਨਾਲ ਖੁਸ਼ਹਾਲੀ” ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਜਾਂ ਸਰਕਾਰੀ ਅਧਿਕਾਰਾਂ ਦੀ ਦੁਰਵਰਤੋਂ ਵਿਰੁੱਧ ਆਵਾਜ਼ ਉਠਾਉਣ।
ਵਿਜੀਲੈਂਸ ਬਿਊਰੋ ਵੱਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਸਰਕਾਰੀ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮਾਂ ਵਿੱਚ ਘਪਲੇਬਾਜ਼ੀ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਵਿਭਾਗ ਨੂੰ ਤੁਰੰਤ ਸੂਚਿਤ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਸਰਕਾਰੀ ਫੰਡਾਂ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਘਪਲੇਬਾਜ਼ੀ ਸਬੰਧੀ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਲੋਕ ਆਪਣੀਆਂ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤਾਂ ਵਿਜੀਲੈਂਸ ਵਿਭਾਗ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਲਾਈਨ 1800-1800-1000 ਜਾਂ ਵਟਸਐਪ ਨੰਬਰ 95012-00200 ਰਾਹੀਂ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਨਾਲ ਫ਼ੋਨ ਨੰਬਰ 01632-244078 ਅਤੇ ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਯੂਨਿਟ ਫ਼ਰੀਦਕੋਟ ਨਾਲ ਮੋਬਾਈਲ ਨੰਬਰ 70781-00009 ਅਤੇ ਲੈਂਡਲਾਈਨ ਨੰਬਰ 01639-251074 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੀ ਅਧਿਕਾਰਤ ਵੈੱਬਸਾਈਟ vigilancebureau.punjab.gov.in ਅਤੇ ਈ-ਮੇਲ spvbfr@punjab.gov.in ਰਾਹੀਂ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਵਿਜੀਲੈਂਸ ਬਿਊਰੋ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਇਮਾਨਦਾਰੀ, ਪਾਰਦਰਸ਼ਤਾ ਤੇ ਜਵਾਬਦੇਹੀ ਵਾਲੇ ਸਮਾਜ ਦੀ ਸਿਰਜਣਾ ਵਿੱਚ ਸਹਿਯੋਗ ਦੇਣ।