2027 ਚੋਣਾਂ: DC ਵੱਲੋਂ ਵਲਨਰਏਬਿਲਟੀ ਮੈਪਿੰਗ ਮੀਟਿੰਗ

2

ਬਟਾਲਾ, 2 ਨਵੰਬਰ 2026 AJ DI Awaaj

Punjab Desk :    ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਆਦਿਤਿਆ ਉੱਪਲ ਦੀ ਅਗਵਾਈ ਹੇਠ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਵਲਨਰਏਬਿਲਟੀ ਮੈਪਿੰਗ (Vulnerability Mapping ) ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਬਟਾਲਾ, ਡੇਰਾ ਬਾਬਾ ਨਾਨਕ, ਫਤਹਿਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਮੂਹ ਚੋਣ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਵਲਨਰਏਬਿਲਟੀ ਮੈਪਿੰਗ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸਹੀ ਅਤੇ ਬਾਰੀਕੀ ਨਾਲ ਪਛਾਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀ ਸਥਿਤੀ ਅਤੇ ਸਥਾਨਕ ਹਾਲਾਤ ਦਾ ਸਹੀ ਮੁਲਾਂਕਣ ਕਰਨਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਬੇਹੱਦ ਜ਼ਰੂਰੀ ਹੈ। ਇਸ ਨਾਲ ਸੰਭਾਵੀ ਚੁਣੌਤੀਆਂ ਦੀ ਪਹਿਲਾਂ ਹੀ ਪਛਾਣ ਕਰਕੇ ਸਮੇਂ ਸਿਰ ਢੁੱਕਵੇਂ ਕਦਮ ਚੁੱਕੇ ਜਾ ਸਕਣਗੇ।

ਉਨ੍ਹਾਂ ਚੋਣ ਅਤੇ ਪੁਲਿਸ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪੋਲਿੰਗ ਸਟੇਸ਼ਨਾਂ ਅਤੇ ਸਥਾਨਾਂ ਦਾ ਜ਼ਮੀਨੀ ਪੱਧਰ ’ਤੇ ਨਿਰੀਖਣ ਕਰਨ ਅਤੇ ਸੰਭਾਵੀ ਕਾਨੂੰਨ-ਵਿਵਸਥਾ ਸਬੰਧੀ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਤੱਥਾਂ ਦੇ ਆਧਾਰ ’ਤੇ ਰਿਪੋਰਟ ਤਿਆਰ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਚੋਣਾਂ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿਚਕਾਰ ਨਿਰੰਤਰ ਤਾਲਮੇਲ ਅਤੇ ਜਾਣਕਾਰੀ ਦਾ ਆਦਾਨ- ਪ੍ਰਦਾਨ ਬਣਾਈ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ-2027 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਅਗਾਊਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ।

ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, ਐੱਸ ਪੀ (ਐੱਚ) ਬਟਾਲਾ ਮੈਡਮ ਖੁਸ਼ਬੀਰ ਕੌਰ, ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐਮ ਬਟਾਲਾ, ਸੁਖਜਿੰਦਰ ਸਿੰਘ ਟਿਵਾਣਾ ਐਸ.ਡੀ.ਐਮ. ਫਤਹਿਗੜ੍ਹ ਚੂੜੀਆਂ, ਲਛਮਣ ਸਿੰਘ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਮਨਜਿੰਦਰ ਸਿੰਘ, ਤਹਿਸੀਲਦਾਰ ਚੋਣਾਂ, ਸੁਨੀਲ ਕੁਮਾਰ, ਚੋਣ ਕਾਨੂੰਗੋ, ਸਮੂਹ ਡੀ.ਐਸ.ਪੀਜ, ਸਮੂਹ ਐਸ.ਐਚ.ਓਜ, ਸਮੂਹ ਸੈਕਟਰ ਅਫ਼ਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।