ਬਰਨਾਲਾ, 10 ਨਵੰਬਰ 2026 AJ DI Awaaj
Punjab Desk : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਆਈ.ਏ.ਐੱਸ. ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਬਤੌਰ ਨਵੇਂ ਵੋਟਰ ਜਾਗਰੂਕ ਅਤੇ ਰਜਿਸਟਰ ਹੋਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਲਗਾਤਾਰ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ, ਸਰਕਾਰੀ ਹਾਈ ਸਕੂਲ ਪੰਧੇਰ, ਸਰਕਾਰੀ ਮਿਡਲ ਸਕੂਲ ਧੌਲਾ, ਸਰਕਾਰੀ ਹਾਈ ਸਕੂਲ ਤਲਵੰਡੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਡ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ ਸਬੰਧੀ ਸਕੂਲਾਂ ਵਿੱਚ ਵੱਖ ਵੱਖ-ਵੱਖ ਢੰਗਾਂ ਨਾਲ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਫਾਰਮ ਨੰਬਰ 6 ਭਰਨ ਦੀ ਪ੍ਰਕਿਰਿਆ ਅਤੇ ਨਵੀਂ ਵੋਟ ਬਣਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਹੋਰ ਯੋਗ ਨੌਜਵਾਨਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਲੋਕਤੰਤਰਿਕ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ।
ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਆਉਣ ਵਾਲੇ ਦਿਨਾਂ ਵਿੱਚ ਲਗਾਏ ਜਾਣ ਵਾਲੇ ਕੈਂਪਾਂ ਸਬੰਧੀ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਜਿਹੜੇ ਯੋਗ ਨੌਜਵਾਨ ਅਜੇ ਤੱਕ ਵੋਟਰ ਵਜੋਂ ਰਜਿਸਟਰ ਨਹੀਂ ਹੋਏ, ਉਹ ਇਨ੍ਹਾਂ ਕੈਂਪਾਂ ਦਾ ਲਾਭ ਲੈਂਦਿਆਂ ਆਪਣੀ ਵੋਟ ਜ਼ਰੂਰ ਬਣਵਾਉਣ।

















