ਬਰਨਾਲਾ ’ਚ 21 ਨਵੰਬਰ ਨੂੰ NI ਐਕਟ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ

5

ਬਰਨਾਲਾ, 10 ਨਵੰਬਰ 2026 AJ DI Awaaj

Punjab Desk : ਆਮ ਲੋਕਾਂ ਨੂੰ ਜਲਦੀ ਅਤੇ ਸੁਖਾਲਾ ਨਿਆਂ ਮੁਹੱਈਆ ਕਰਵਾਉਣ ਅਤੇ ਅਦਾਲਤਾਂ ਵਿੱਚ ਲੰਬਿਤ ਚੈੱਕ ਬਾਊਂਸ ਦੇ ਮਾਮਲਿਆਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਮਾਣਯੋਗ ਸ਼੍ਰੀਮਤੀ ਅੰਸ਼ੁਲ ਬੇਰੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਯੋਗ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਮਿਤੀ 21 ਨਵੰਬਰ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਵਿਸ਼ੇਸ਼ ਤੌਰ ‘ਤੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਅਧੀਨ ਦਰਜ ਚੈੱਕ ਬਾਊਂਸ ਦੇ ਮਾਮਲਿਆਂ ਦੇ ਨਿਪਟਾਰੇ ਲਈ ਸਮਰਪਿਤ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਰਾਜਵਿੰਦਰ ਕੌਰ, ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਚੈੱਕ ਬਾਊਂਸ ਦੇ ਮਾਮਲੇ ਅਕਸਰ ਵਿੱਤੀ ਲੈਣ-ਦੇਣ, ਕਾਰੋਬਾਰੀ ਸਬੰਧਾਂ ਅਤੇ ਆਪਸੀ ਦੇਣਦਾਰੀਆਂ ਨਾਲ ਸਬੰਧਤ ਹੁੰਦੇ ਹਨ। ਅਜਿਹੇ ਮਾਮਲਿਆਂ ਦਾ ਲੰਬੇ ਸਮੇਂ ਤੱਕ ਅਦਾਲਤਾਂ ਵਿੱਚ ਵਿਚਾਰ ਅਧੀਨ ਰਹਿਣ ਨਾਲ ਦੋਵਾਂ ਧਿਰਾਂ ਨੂੰ ਸਮੇਂ, ਪੈਸੇ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨ੍ਹਾਂ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਲਈ ਵਿਸ਼ੇਸ਼ ਲੋਕ ਅਦਾਲਤ ਇੱਕ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕਰਦੀ ਹੈ।
ਉਨ੍ਹਾਂ ਦੱਸਿਆ ਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਅਧੀਨ ਚੈੱਕ ਬਾਊਂਸ ਦੇ ਮਾਮਲੇ ਕਾਨੂੰਨ ਅਨੁਸਾਰ ਸਮਝੌਤਾਯੋਗ ਹਨ। ਇਸ ਲੋਕ ਅਦਾਲਤ ਵਿੱਚ ਸ਼ਿਕਾਇਤਕਰਤਾ ਅਤੇ ਦੂਜੀ ਧਿਰ ਨੂੰ ਆਪਸੀ ਗੱਲਬਾਤ ਰਾਹੀਂ ਵਿਵਾਦ ਸੁਲਝਾਉਣ ਅਤੇ ਬਕਾਇਆ ਰਕਮ ਦੀ ਅਦਾਇਗੀ ਸਬੰਧੀ ਸਹਿਮਤੀ ਬਣਾਉਣ ਦਾ ਮੌਕਾ ਮਿਲੇਗਾ। ਜੇਕਰ ਦੋਵੇਂ ਧਿਰਾਂ ਸਮਝੌਤੇ ਲਈ ਸਹਿਮਤ ਹੁੰਦੀਆਂ ਹਨ, ਤਾਂ ਮਾਮਲੇ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕੀਤਾ ਜਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੋਣ ਨਾਲ ਧਿਰਾਂ ਨੂੰ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਰਾਹਤ ਮਿਲਦੀ ਹੈ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਵੱਲੋਂ ਸਮਝੌਤੇ ਦੇ ਆਧਾਰ ‘ਤੇ ਪਾਸ ਕੀਤਾ ਗਿਆ ਅਵਾਰਡ ਅੰਤਿਮ ਹੁੰਦਾ ਹੈ ਅਤੇ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਕਾਨੂੰਨੀ ਮਹੱਤਤਾ ਰੱਖਦਾ ਹੈ।
ਸ਼੍ਰੀਮਤੀ ਰਾਜਵਿੰਦਰ ਕੌਰ ਨੇ ਚੈੱਕ ਬਾਊਂਸ ਦੇ ਲੰਬਿਤ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਕਰਤਾਵਾਂ ਅਤੇ ਦੂਜੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਸੀ ਸਹਿਮਤੀ ਨਾਲ ਆਪਣੇ ਮਾਮਲਿਆਂ ਦਾ ਨਿਪਟਾਰਾ ਕਰਵਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਬੰਧਤ ਧਿਰਾਂ ਆਪਣੇ ਵਕੀਲਾਂ ਜਾਂ ਸਬੰਧਤ ਅਦਾਲਤ ਰਾਹੀਂ ਆਪਣੇ ਮਾਮਲੇ ਵਿਸ਼ੇਸ਼ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਰੱਖਣ ਸਬੰਧੀ ਲੋੜੀਂਦੀ ਕਾਰਵਾਈ ਕਰ ਸਕਦੀਆਂ ਹਨ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਆਮ ਲੋਕਾਂ ਨੂੰ ਨਿਆਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਅਤੇ ਆਪਸੀ ਸਹਿਮਤੀ ਰਾਹੀਂ ਵਿਵਾਦਾਂ ਦੇ ਨਿਪਟਾਰੇ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਟੋਲ ਫ੍ਰੀ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।