ਗੁਰਦਾਸਪੁਰ, 11 ਨਵੰਬਰ 2026 AJ DI Awaaj
Punjab Desk : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਸਭਾ ਚੋਣਾਂ-2027 ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ।
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣੇ ਹਨ।
ਇਹ ਮੁਕਾਬਲੇ ਚੋਣ ਸਾਖਰਤਾ ਕਲੱਬਾਂ ਰਾਹੀਂ ਜ਼ਿਲ੍ਹਾ ਪੱਧਰ ਅਤੇ ਚੋਣ ਹਲਕਾ ਪੱਧਰ ‘ਤੇ ਸਕੂਲਾਂ ਅਤੇ ਕਾਲਜਾਂ ਵਿਚ ਕਰਵਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ 11 ਅਤੇ 12 ਨਵੰਬਰ ਨੂੰ ਸੰਸਥਾ-ਪੱਧਰੀ ਦੌਰ ਤਹਿਤ ਹਰੇਕ ਮੁਕਾਬਲੇ ਲਈ 2 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ, ਜਦਕਿ 16 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਧਰੀ ਦੌਰ ਵਿਚ ਪ੍ਰਤੀ ਮੁਕਾਬਲਾ ਹਰੇਕ ਵਿਧਾਨ ਸਭਾ ਹਲਕੇ ਵਿਚੋਂ 10 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ, ਜ਼ਿਲਾ ਪੱਧਰੀ ਮੁਕਾਬਲਾ 18 ਨਵੰਬਰ ਨੂੰ ਹੋਵੇਗਾ ਅਤੇ 20 ਨਵੰਬਰ ਨੂੰ ਨਤੀਜਿਆਂ ਦੀ ਘੋਸ਼ਣਾ ਕਰਦਿਆਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਅਤੇ ਚੋਣ ਹਲਕਾ ਪੱਧਰ ‘ਤੇ ਸਕੂਲਾਂ ਅਤੇ ਕਾਲਜਾਂ ਵਿਚ ਸਵੀਪ ਜਾਗਰੂਕਤਾ ਗਤੀਵਿਧੀਆਂ ਦਾ ਵਿਸ਼ੇਸ਼ ਮਹੱਤਵ ਹੈ ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।

















