ਬਟਾਲਾ, 12 ਨਵੰਬਰ 2026 AJ DI Awaaj
Punjab Desk : ਹਲਕਾ ਬਟਾਲਾ ਦੇ ਮੁੱਖ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਇਲਾਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੱਲਾ ਵਿਖੇ ਨਵੇਂ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਰਪੰਚ ਮੇਜਰ ਸਿੰਘ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਜਿਵੇਂ ਕਿ ਬਿਹਤਰ ਸਿਹਤ ਸੇਵਾਵਾਂ ਅਤੇ ਖੇਡਾਂ ਦੇ ਬਿਹਤਰੀਨ ਪ੍ਰਬੰਧ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪਿੰਡ ਡੱਲਾ ਖੇਡ ਸਟੇਡੀਅਮ ਨਾਲ ਪਿੰਡ ਅਤੇ ਆਸ-ਪਾਸ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਆਪਣਾ ਅਤੇ ਆਪਣੇ ਇਲਾਕੇ ਦਾ ਨਾਂ ਰੋਸ਼ਨ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਕਈ ਵਿਕਾਸ ਪ੍ਰੋਜੈਕਟ ਹਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਪ੍ਰੋਜੈਕਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਸ ਉਦਘਾਟਨੀ ਸਮਾਰੋਹ ਦੌਰਾਨ ਪਿੰਡਾਂ ਦੀ ਪੰਚਾਇਤ, ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।



















