ਸ੍ਰੀ ਮੁਕਤਸਰ ਸਾਹਿਬ, 12 ਨਵੰਬਰ 2026 AJ DI Awaaj
Punjab Desk : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਮਿਤੀ 12 ਨਵੰਬਰ 2026 ਨੂੰ ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਆਮ ਜਨਤਾ ਦੇ ਵੇਖਣ ਲਈ ਉਪਲੱਬਧ ਹੋਣਗੀਆਂ। ਇਨ੍ਹਾਂ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 12 ਨਵੰਬਰ 2026 ਤੋਂ 11 ਦਸੰਬਰ 2026 ਤੱਕ ਨਿਰਧਾਰਿਤ ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਯੋਗ ਨਾਗਰਿਕ ਆਪਣੀ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਕੇ ਦਾਅਵਾ ਪੇਸ਼ ਕਰ ਸਕਦੇ ਹਨ। ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਦੇ ਵੇਰਵਿਆਂ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਅਤੇ ਪ੍ਰਵਾਸੀ ਭਾਰਤੀਆਂ ਦੀ ਵੋਟ ਦਰਜ ਕਰਵਾਉਣ ਲਈ ਫਾਰਮ ਨੰਬਰ 6ਏ ਭਰਿਆ ਜਾ ਸਕਦਾ ਹੈ। ਇਹ ਫਾਰਮ ਆਨਲਾਈਨ ਪੋਰਟਲ voters.eci.gov.in ਜਾਂ Voter Helpline App ਰਾਹੀਂ ਵੀ ਭਰੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰਾਂ ਵੱਲੋਂ ਮਿਤੀ 14 ਨਵੰਬਰ 2026 (ਸ਼ਨਿੱਚਰਵਾਰ), 15 ਨਵੰਬਰ 2026 (ਐਤਵਾਰ) ਅਤੇ 29 ਨਵੰਬਰ 2026 (ਐਤਵਾਰ) ਨੂੰ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਦੌਰਾਨ ਲੋਕ ਆਪਣੇ ਵੋਟ ਸਬੰਧੀ ਕੰਮ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ (01633-262031) ਹਨ। ਇਸੇ ਤਰ੍ਹਾਂ ਵਿਧਾਨ ਸਭਾ ਚੋਣ ਹਲਕਾ 83-ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਮੁਕਤਸਰ ਸਾਹਿਬ (01633-263647) ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਜ਼ਰੂਰ ਚੈੱਕ ਕਰਨ ਅਤੇ ਲੋੜ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਦਾਅਵੇ ਜਾਂ ਇਤਰਾਜ਼ ਦਾਇਰ ਕਰਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਸਥਾਪਿਤ ਵੋਟਰ ਹੈਲਪਲਾਈਨ ਨੰਬਰ 1950 ‘ਤੇ ਫੋਨ ਕਰਕੇ ਵੀ ਚੋਣਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।



















