ਸ੍ਰੀ ਮੁਕਤਸਰ ਸਾਹਿਬ, 14 ਨਵੰਬਰ 2026 AJ DI Awaaj
Punjab Desk : ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਨਗਣਨਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਕਰੀਬ 30 ਨਵੰਬਰ ਤੱਕ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਸ਼ਨਰ-ਕਮ-ਜ਼ਿਲ੍ਹਾ ਸੈਂਸਜ਼ ਅਫ਼ਸਰ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨ ਦੀਪ ਸਿੰਘ ਅਤੇ ਡਿਪਟੀ ਈ.ਐਸ.ਏ ਸ੍ਰੀ ਰੁਪਿੰਦਰ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜਨਗਣਨਾ ਦੇ ਸਹੀ, ਭਰੋਸੇਯੋਗ ਅਤੇ ਮੁਕੰਮਲ ਅੰਕੜੇ ਦੇਸ਼ ਦੀ ਯੋਜਨਾਬੰਦੀ, ਪ੍ਰਭਾਵਸ਼ਾਲੀ ਪ੍ਰਸ਼ਾਸਨ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰੇਕ ਨਾਗਰਿਕ ਦਾ ਇਸ ਪ੍ਰਕਿਰਿਆ ਵਿੱਚ ਸਹਿਯੋਗ ਅਤੇ ਭਾਗੀਦਾਰੀ ਬੇਹੱਦ ਜ਼ਰੂਰੀ ਹੈ।
ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ਼ ਐਨਿਊਮੀਰੇਸ਼ਨ) ਸਹੂਲਤ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ 16 ਨਵੰਬਰ ਤੋਂ 30 ਨਵੰਬਰ 2026 ਤੱਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਸਹੂਲਤ ਨਾਲ ਨਾਗਰਿਕ ਆਪਣੀ ਸੁਵਿਧਾ ਅਨੁਸਾਰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਜਾਣਕਾਰੀ ਦਰਜ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ) ਜਾਰੀ ਕੀਤਾ ਜਾਵੇਗਾ। ਨਾਗਰਿਕਾਂ ਨੂੰ ਇਹ ਨੰਬਰ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ, ਤਾਂ ਜੋ ਦਰਜ ਕੀਤੀ ਗਈ ਜਾਣਕਾਰੀ ਦੀ ਤਸਦੀਕ ਅਤੇ ਅਗਲੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦਾ ਕਾਰਜ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਦਕਿ 5 ਜਨਵਰੀ ਤੋਂ 9 ਜਨਵਰੀ 2027 ਤੱਕ ਸੋਧ ਪੜਾਅ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਜਨਗਣਨਾ ਦੇ ਦੂਜੇ ਪੜਾਅ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।



















