ਫਾਜ਼ਿਲਕਾ 17 ਨਵੰਬਰ 2026 AJ DI Awaaj
Punjab Desk : ਸਿਹਤ ਵਿਭਾਗ ਵੱਲੋਂ 22 ਨਵੰਬਰ ਤੋਂ 24 ਨਵੰਬਰ ਤੱਕ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਬੱਚਾ ਪੋਲਿਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ ਨੈਸ਼ਨਲ ਇਮਿਊਨੀਜੇਸ਼ਨ ਡੇ (ਪਲਸ ਪੋਲਿਓ) ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਸਾਂਝੀ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ ਸਮੇਂ ‘ਤੇ ਟੀਕਾਕਰਨ ਅਤੇ ਪੋਲਿਓ ਦੀਆਂ ਬੂੰਦਾਂ ਪਿਲਾਉਣੀਆਂ ਲਾਜ਼ਮੀ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਾਈਗ੍ਰੇਟਰੀ ਅਬਾਦੀ, ਝੁੱਗੀ ਝੋਪੜੀਆਂ, ਦੂਰ ਦੁਰਾਡੇ ਦੇ ਇਲਾਕੇ, ਭੱਠੇ, ਸ਼ੈਲਰ ਅਤੇ ਫੈਕਟਰੀਆਂ ਵਿਖੇ ਇਸ ਮੁਹਿੰਮ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਨਾਲ ਹੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਵਿਸ਼ੇਸ਼ ਤੌਰ ‘ਤੇ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਕੋਈ ਵੀ ਬੱਚਾ ਪੋਲਿਓ ਦੀਆਂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਸਿਵਲ ਸਰਜਨ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਦੀ ਉਮਰ ਤੱਕ ਦੇ ਲਗਭੱਗ 141732 ਬੱਚਿਆਂ ਨੂੰ ਕਵਰ ਕਰਨ ਲਈ 565 ਪੋਲੀਓ ਬੂਥ ਦਾ ਗਠਨ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸੁਪਰਵੀਜਨ ਕਰਨ ਲਈ 113 ਸੁਪਰਵਾਈਜ਼ਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 110 ਭੱਠੇ, 74 ਹਾਈ ਰਿਸਕ ਏਰੀਏ ਹਨ, ਜਿੱਥੇ ਇੰਨ੍ਹਾਂ ਟੀਮਾਂ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਉਹਨਾਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਜਰੂਰ ਪਿਲਾਈਆਂ ਜਾਣ। ਬੇਸ਼ੱਕ ਬੱਚਾ ਬੂੰਦਾਂ ਲੈ ਚੁੱਕਾ ਹੋਵੇ, ਭਾਵੇਂ ਬੱਚਾ ਬਿਮਾਰ ਹੋਵੇ, ਭਾਵੇਂ ਦਸਤ ਲੱਗੇ ਹੋਣ।
ਇਸ ਮੌਕੇ ਡਾ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ, ਡਾ ਸੁਮਿਤ ਸਿੰਘ, ਡਾ ਨਵੀਨ ਮਿੱਤਲ, ਡਾ ਵਿਕਾਸ ਗਾਂਧੀ, ਡਾ ਸੌਰਭ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਦਿਵੇਸ਼ ਕੁਮਾਰ ਹਰਮੀਤ ਸਿੰਘ ਸੁਨੀਲ ਟੰਡਨ ਸ਼ੁਸ਼ੀਲ ਕੁਮਾਰ, ਸ਼ਵੇਤਾ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।



















