ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਜ਼ਿਲ੍ਹਾ ਭਰ ਵਿੱਚ ਵਿਸ਼ੇਸ਼ ਚੈਕਿੰਗ

3

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ 2026 AJ DI Awaaj

 

Punjab Desk :    ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਸਪੈਸ਼ਲ ਨਾਈਟ ਚੈਕਿੰਗ ਅਤੇ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਗਈ।

ਇਸ ਵਿਸ਼ੇਸ਼ ਮੁਹਿੰਮ ਦੌਰਾਨ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਖੁਦ ਰਾਤ ਸਮੇਂ ਵੱਖ-ਵੱਖ ਇਲਾਕਿਆਂ ਅਤੇ ਪੁਲਿਸ ਨਾਕਿਆਂ ’ਤੇ ਪਹੁੰਚ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋਂ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਦਾ ਜਾਇਜ਼ਾ ਲਿਆ ਗਿਆ ਅਤੇ ਡਿਊਟੀ ਦੌਰਾਨ ਚੌਕਸੀ, ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਸਬੰਧੀ ਮੌਕੇ ’ਤੇ ਹੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਰਾਤ ਸਮੇਂ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ।

ਇਸ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ ਭਰ ਵਿੱਚ 43 ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਇੰਟਰ-ਸਟੇਟ ਅਤੇ ਸਟੇਟ ਬਾਊਂਡਰੀ ਪੁਆਇੰਟਾਂ ’ਤੇ ਵੀ ਵਿਸ਼ੇਸ਼ ਨਿਗਰਾਨੀ ਅਤੇ ਚੈਕਿੰਗ ਕੀਤੀ ਗਈ।

ਇਸ ਮੁਹਿੰਮ ਵਿੱਚ 2 ਐਸ.ਪੀ., 6 ਡੀ.ਐਸ.ਪੀ. ਅਤੇ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ  ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਮੁਹਿੰਮ ਦੀ ਨਿਗਰਾਨੀ ਕੀਤੀ ਗਈ।

ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ, ਗਲੀ-ਮੁਹੱਲਿਆਂ, ਪਾਰਕਾਂ, ਰਿਜ਼ੋਰਟਾਂ ਅਤੇ ਹੋਰ ਸੰਵੇਦਨਸ਼ੀਲ ਤੇ ਨੋ-ਮੂਵਮੈਂਟ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਵੱਲੋਂ ਰਾਤ ਸਮੇਂ ਲਗਾਤਾਰ ਗਸ਼ਤ ਅਤੇ ਫਲੈਗ ਮਾਰਚ ਕਰਦਿਆਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ ’ਤੇ ਪੁਲਿਸ ਟੀਮਾਂ ਵੱਲੋਂ ਯਾਤਰੀਆਂ ਦੇ ਸਮਾਨ ਦੀ ਚੈਕਿੰਗ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਜੀ.ਆਰ.ਪੀ. ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਕੀਤੀ ਗਈ। PAIS ਐਪ ਰਾਹੀਂ ਸ਼ੱਕੀ ਵਿਅਕਤੀਆਂ ਦੇ ਪੁਲਿਸ ਰਿਕਾਰਡ ਦੀ ਮੌਕੇ ’ਤੇ ਹੀ ਜਾਂਚ ਅਤੇ ਤਸਦੀਕ ਕੀਤੀ ਗਈ। ਇਸੇ ਤਰ੍ਹਾਂ ਬੱਸ ਸਟੈਂਡਾਂ ਅਤੇ ਹੋਰ ਜਨਤਕ ਥਾਵਾਂ ਨੇੜੇ ਲੰਬੇ ਸਮੇਂ ਤੋਂ ਖੜ੍ਹੇ ਲਾਵਾਰਿਸ ਅਤੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਵਾਹਨ ਐਪ ਰਾਹੀਂ ਉਨ੍ਹਾਂ ਦੀ ਵੇਰੀਫਿਕੇਸ਼ਨ ਕੀਤੀ ਗਈ, ਤਾਂ ਜੋ ਕਿਸੇ ਵੀ ਸ਼ੱਕੀ ਵਾਹਨ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਮੂਲੀਅਤ ਦੀ ਸੰਭਾਵਨਾ ਨੂੰ ਸਮੇਂ ਸਿਰ ਜਾਂਚਿਆ ਜਾ ਸਕੇ।

ਨਾਕਿਆਂ ’ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ

ਵੱਖ-ਵੱਖ ਨਾਕਿਆਂ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਬਿਨਾਂ ਨੰਬਰ ਪਲੇਟ, ਮੋਡੀਫਾਈਡ ਸਿਲੈਂਸਰ, ਡਿਮ ਲਾਈਟਾਂ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਗਈ।

ਇਸ ਮੌਕੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਸਰਹੱਦੀ ਜ਼ਿਲ੍ਹੇ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਵੱਲੋਂ ਖੁਦ ਰਾਤ ਸਮੇਂ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਪੁਲਿਸ ਨਾਕਿਆਂ ਅਤੇ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਤਾਂ ਜੋ ਪੁਲਿਸ ਦੀ ਮੌਜੂਦਗੀ ਅਤੇ ਚੈਕਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਰਾਤ ਸਮੇਂ ਡਿਊਟੀ ਦੌਰਾਨ ਪੂਰੀ ਚੌਕਸੀ ਅਤੇ ਮੁਸਤੈਦੀ ਵਰਤੀ ਜਾਵੇ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਨੂੰ ਭੰਗ ਕਰਨ ਜਾਂ ਕਾਨੂੰਨ ਵਿਵਸਥਾ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਪੈਸ਼ਲ ਨਾਈਟ ਚੈਕਿੰਗ ਅਤੇ ਨਾਈਟ ਡੋਮੀਨੇਸ਼ਨ ਮੁਹਿੰਮ ਲਗਾਤਾਰ ਜਾਰੀ ਰਹੇਗੀ, ਤਾਂ ਜੋ ਜ਼ਿਲ੍ਹੇ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਿਆ ਜਾ ਸਕੇ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਸੰਪਰਕ ਨੰਬਰ:

ਪੁਲਿਸ ਕੰਟਰੋਲ ਰੂਮ: 80549-42100 ਐਮਰਜੈਂਸੀ ਹੈਲਪਲਾਈਨ: 112