ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ

3

ਧਾਰੀਵਾਲ/ਗੁਰਦਾਸਪੁਰ, 17 ਨਵੰਬਰ 2026 AJ DI Awaaj

Punjab Desk :  ਮਾਣਯੋਗ ਮੈਂਬਰ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ, ਭਾਰਤ ਸਰਕਾਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਅੱਜ ਧਾਰੀਵਾਲ ਵਿਖੇ ਸਥਿਤ ਹਿੰਦੂ ਕੰਨਿਆ ਮਹਾਂਵਿਦਿਆਲਾ ਵਿਖੇ ਕਰਵਾਏ ਗਏ ਸੈਮੀਨਾਰ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਸੰਵਿਧਾਨਕ ਤੇ ਬੁਨਿਆਦੀ ਹੱਕਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ’ਤੇ ਉਹ ਆਪਣੇ ਹੱਕਾਂ ਲਈ ਆਵਾਜ਼ ਉਠਾ ਸਕੇ।

ਇਸ ਤੋਂ ਬਾਅਦ ਸ੍ਰੀ ਪ੍ਰਿਯਾਂਕ ਕਾਨੂੰਨਗੋ ਪਿੰਡ ਕਲੇਰ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਨੇ ਇਕੱਲੇ-ਇਕੱਲੇ ਸ਼ਿਕਾਇਤਕਰਤਾ ਕੋਲ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਹਰੇਕ ਸ਼ਿਕਾਇਤ ਦਾ ਨਿਯਮਾਂ ਅਨੁਸਾਰ ਯੋਗ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਖੁੱਲ੍ਹੀ ਸੁਣਵਾਈ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਦਾ ਮੌਕਾ ਪ੍ਰਦਾਨ ਕਰਦੀ ਹੈ। ਇਹ ਜਨਤਾ ਦੀ ਅਦਾਲਤ ਹੈ, ਜਿੱਥੇ ਹਰੇਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ। ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਸੰਵੇਦਨਸ਼ੀਲਤਾ ਨਾਲ ਸੁਣਨ ਅਤੇ ਬਿਨਾਂ ਕਿਸੇ ਬੇਲੋੜੀ ਖੱਜਲ-ਖੁਆਰੀ ਦੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ।

ਉਨ੍ਹਾਂ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਵੀ ਵਿਅਕਤੀ ਨਾਲ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਉਹ ਇਸ ਸਬੰਧੀ ਲਿਖਤੀ ਸ਼ਿਕਾਇਤ ਸਬੰਧਤ ਅਧਿਕਾਰੀ ਜਾਂ ਕਮਿਸ਼ਨ ਕੋਲ ਦਰਜ ਕਰਵਾ ਸਕਦਾ ਹੈ, ਜਿਸ ’ਤੇ ਨਿਯਮਾਂ ਅਨੁਸਾਰ ਯੋਗ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਵਾਬਦੇਹੀ ਅਤੇ ਮਨੁੱਖੀ ਦ੍ਰਿਸ਼ਟੀਕੋਣ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਐਸ.ਡੀ.ਐਮ. ਅਰਵਿੰਦਰ ਪਾਲ ਸਿੰਘ, ਤਹਿਸੀਲਦਾਰ ਮੁਨੀਸ਼ ਕੁਮਾਰ, ਨਾਇਬ ਤਹਿਸੀਲਦਾਰ ਰਣਦੀਪ ਸਿੰਘ, ਕਾਲਜ ਪ੍ਰਧਾਨ ਐਨ.ਡੀ. ਆਨੰਦ, ਪ੍ਰਿੰਸੀਪਲ ਰਾਜਵਿੰਦਰ ਕੌਰ, ਮੁੱਖ ਸਕੱਤਰ ਵਿਨੈ ਸ਼ਰਮਾ, ਰਾਜਨ ਗੋਇਲ ਤੋਂ ਇਲਾਵਾ ਪਿੰਡ ਕਲੇਰ ਕਲਾਂ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਅਰਵਿੰਦਰ ਪਾਲ ਸਿੰਘ ਐਸ.ਡੀ.ਐਮ. ਫਤਹਿਗੜ੍ਹ ਚੂੜੀਆਂ, ਹਰਮਨਦੀਪ ਸਿੰਘ ਪੰਜਾਬ ਸਕੱਤਰ ਭਾਜਪਾ, ਹਰਸਿਮਰਨ ਸਿੰਘ ਹੀਰਾ ਵਾਲਿਆਂ, ਹਰਪ੍ਰੀਤ ਸਿੰਘ ਬੇਦੀ, ਬਲਜਿੰਦਰ ਸਿੰਘ, ਪੰਕਜ ਮਹਾਜਨ ਅਤੇ ਪਲਵਿੰਦਰ ਸਿੰਘ ਚੀਮਾ ਵੀ ਮੌਜੂਦ ਸਨ।