ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 95ਵੀਂ ਬੱਸ ਨੂੰ ਹਰੀ ਝੰਡੀ

1

ਅੰਮ੍ਰਿਤਸਰ, 18 ਨਵੰਬਰ 2026 AJ DI Awaaj

Punjab Desk   : ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਕੋਟਲਾ ਬਥੂਨਗੜ੍ਹ ਤੋਂ 95ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋਏ।

ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਅੰਮ੍ਰਿਤਸਰ, ਖਾਟੂ ਸ਼ਿਆਮ ਅਤੇ ਮਥੁਰਾ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਲਈ ਹੁਣ ਤੱਕ 17,000 ਤੋਂ ਵੱਧ ਸਫਲ ਯਾਤਰਾਵਾਂ ਰਾਹੀਂ 7 ਲੱਖ ਤੋਂ ਵੱਧ ਸ਼ਰਧਾਲੂ ਲਾਭ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਰੋਜ਼ 70 ਤੋਂ ਵੱਧ ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਸ ਨਾਲ ਰੋਜ਼ਾਨਾ 3,000 ਤੋਂ ਵੱਧ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਮਿਲ ਰਹੀ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਪਹਿਲਕਦਮੀ ਨਾਲ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਦਾ ਲਾਭ ਲੈ ਰਹੀਆਂ ਹਨ।

ਇਸ ਮੌਕੇ ਪਿੰਡ ਵਾਸੀਆਂ ਅਤੇ ਸੰਗਤਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।