ਬਰਨਾਲਾ, 20 ਨਵੰਬਰ 2026 AJ DI Awaaj
Punjab Desk : ਡਾਇਰੈਕਟੋਰੇਟ ਆਫ ਸੈਂਸਜ਼ ਆਪਰੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸਵੈ ਗਣਨਾ ਮੁਹਿੰਮ ਜ਼ਿਲ੍ਹਾ ਬਰਨਾਲਾ ਵਿੱਚ ਜਾਰੀ ਹੈ।
ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਜਨਗਨਣਾ ਸਟਾਫ਼ ਵਲੋਂ ਸਵੈ-ਗਣਨਾ (Self-Enumeration) ਤਹਿਤ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਆਪਣੀ ਜਾਣਕਾਰੀ ਖੁਦ ਦਰਜ ਕਰਨ ਲਈ ਜਾਗਰੂਕ ਕਰਨ ਹਿੱਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਗਣਨਾਕਾਰ (Enumerators), ਸੁਪਰਵਾਈਜ਼ਰ ਅਤੇ ਸਬੰਧਤ ਵਿਭਾਗਾਂ ਦਾ ਸਮੁੱਚਾ ਸਟਾਫ, ਫੀਲਡ ਟ੍ਰੇਨਰ, ਨਗਰ ਨਿਗਮ ਦਾ ਸਟਾਫ਼ ਪੂਰੀ ਤਨਦੇਹੀ ਨਾਲ ਫੀਲਡ ਵਿੱਚ ਸਰਗਰਮ ਹੈ।
ਉਨ੍ਹਾਂ ਦੱਸਿਆ ਕਿ ਫੀਲਡ ਸਟਾਫ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਜਾ ਕੇ ਨਾ ਸਿਰਫ਼ ਲੋਕਾਂ ਨੂੰ ਸਵੈ-ਗਣਨਾ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ, ਸਗੋਂ ਮੌਕੇ ‘ਤੇ ਲੋੜੀਂਦੀ ਤਕਨੀਕੀ ਮਦਦ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਹਰ ਨਾਗਰਿਕ ਬਿਨਾਂ ਕਿਸੇ ਦਿੱਕਤ ਦੇ ਆਨਲਾਈਨ ਪੋਰਟਲ se.census.gov.in ਉੱਤੇ 30 ਨਵੰਬਰ ਤੱਕ ਆਪਣੀ ਜਾਣਕਾਰੀ ਦਰਜ ਕਰ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਵੈ-ਗਣਨਾ ਇੱਕ ਬਹੁਤ ਹੀ ਸਰਲ, ਸੁਰੱਖਿਅਤ ਅਤੇ ਸਮਾਂ ਬਚਾਉਣ ਵਾਲੀ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਰਾਸ਼ਟਰੀ ਮਹੱਤਵ ਵਾਲੇ ਕਾਰਜ ਵਿੱਚ ਆਪਣਾ ਬਣਦਾ ਯੋਗਦਾਨ ਪਾਵੇ ਅਤੇ ਵੱਧ ਤੋਂ ਵੱਧ ਸਵੈ-ਗਣਨਾ ਰਾਹੀਂ ਆਪਣੇ ਪਰਿਵਾਰ ਦਾ ਸਹੀ ਵੇਰਵਾ ਦਰਜ ਕਰੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜਦੋਂ ਗਣਨਾਕਾਰ, ਸੁਪਰਵਾਈਜ਼ਰ ਜਾਂ ਪ੍ਰਸ਼ਾਸਨਿਕ ਸਟਾਫ ਉਨ੍ਹਾਂ ਦੇ ਘਰਾਂ ਜਾਂ ਮੁਹੱਲਿਆਂ ਵਿੱਚ ਪਹੁੰਚਦਾ ਹੈ ਤਾਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ, ਤਾਂ ਜੋ ਜ਼ਿਲ੍ਹਾ ਬਰਨਾਲਾ ਇਸ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾ ਸਕੇ।



















