ਸ੍ਰੀ ਅਨੰਦਪੁਰ ਸਾਹਿਬ 27 ਨਵੰਬਰ 2026 AJ DI Awaaj
Punjab Desk : ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਸਿਹਤ ਸੇਵਾਵਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ.ਵਿਵੇਕ ਕਟਾਰੀਆ ਵੱਲੋਂ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕਰਦਿਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਾ.ਕਟਾਰੀਆ ਨੇ ਓਪੀਡੀ, ਆਈਪੀਡੀ, ਐਮਰਜੈਂਸੀ ਵਾਰਡ ਅਤੇ ਫਾਰਮੇਸੀ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਵਿੱਚ ਦਵਾਈਆਂ ਦੀ ਉਪਲੱਬਧਤਾ, ਸਟਾਕ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਸਬੰਧੀ ਪ੍ਰਬੰਧਾਂ ਦੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਨੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਡਾਕਟਰੀ ਜਾਂਚ, ਇਲਾਜ ਅਤੇ ਦਵਾਈਆਂ ਸਮੇਂ ਸਿਰ ਮਿਲਣ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮਰੀਜ਼ਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ।
ਸਿਵਲ ਸਰਜਨ ਨੇ ਹਸਪਤਾਲ ਦੇ ਸਾਫ਼-ਸਫ਼ਾਈ ਪ੍ਰਬੰਧਾਂ, ਵਾਰਡਾਂ ਦੀ ਸਥਿਤੀ, ਮਰੀਜ਼ਾਂ ਦੇ ਬੈਠਣ ਅਤੇ ਉਡੀਕ ਕਰਨ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਨੂੰ ਹਸਪਤਾਲ ਵਿੱਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਰਿਕਾਰਡ ਸੁਚੱਜੇ ਢੰਗ ਨਾਲ ਸੰਭਾਲਣ ਅਤੇ ਮਰੀਜ਼ਾਂ ਨਾਲ ਨਿਮਰਤਾ ਤੇ ਹਮਦਰਦੀ ਭਰਿਆ ਵਿਵਹਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਇਸ ਮੌਕੇ ਡਾ.ਵਿਵੇਕ ਕਟਾਰੀਆ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਹਰੇਕ ਮਰੀਜ਼ ਨੂੰ ਮਿਆਰੀ ਇਲਾਜ, ਲੋੜੀਂਦੀਆਂ ਦਵਾਈਆਂ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਰੀਜ਼ਾਂ ਦੀ ਸੰਤੁਸ਼ਟੀ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ, ਡਾ. ਮਨਿੰਦਰ ਸਿੰਘ, ਡਾ. ਰਣਵੀਰ ਸਿੰਘ ਅਤੇ ਹਸਪਤਾਲ ਦਾ ਹੋਰ ਸਟਾਫ਼ ਹਾਜ਼ਰ ਸੀ।



















