
ਬਰਨਾਲਾ, 27 ਨਵੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ (ਭੀਖੀ-ਬੁਢਲਾਡਾ ਰੋਡ), ਜ਼ਿਲ੍ਹਾ ਮਾਨਸਾ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਮੁਫ਼ਤ ਸਕਿਉਰਿਟੀ ਗਾਰਡ ਟ੍ਰੇਨਿੰਗ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਦਸੰਬਰ 2026 ਦੇ ਪਹਿਲੇ ਹਫ਼ਤੇ ਚਲਾਇਆ ਜਾਵੇਗਾ। ਇਸ ਕੋਰਸ ਵਿੱਚ ਦਾਖਲਾ ਲੈਣ ਲਈ ਉਮੀਦਵਾਰ ਦਾ 10ਵੀਂ ਜਾਂ 12ਵੀਂ ਜਮਾਤ ਪਾਸ ਹੋਣਾ ਲਾਜ਼ਮੀ ਹੈ ਅਤੇ ਉਮਰ 21 ਤੋਂ 29 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੀਟਾਂ ਸੀਮਤ ਹੋਣ ਕਾਰਨ ਚਾਹਵਾਨ ਨੌਜਵਾਨ ਪਹਿਲ ਦੇ ਆਧਾਰ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ।
ਕੈਪਟਨ ਲਖਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਯੁਵਕਾਂ ਦੇ ਰਹਿਣ ਅਤੇ ਖਾਣ-ਪੀਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਵੇਗਾ। ਕੋਰਸ ਸਫਲਤਾਪੂਰਵਕ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਦਿੱਤਾ ਜਾਵੇਗਾ, ਜੋ ਕਿ ਸਰਕਾਰੀ, ਅਰਧ-ਸਰਕਾਰੀ ਅਦਾਰਿਆਂ ਅਤੇ ਵੱਡੀਆਂ ਇੰਡਸਟਰੀਜ਼ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਮਾਨਤਾ ਪ੍ਰਾਪਤ ਹੋਵੇਗਾ। ਇਸ ਤੋਂ ਇਲਾਵਾ ਕੋਰਸ ਉਪਰੰਤ ਕੈਂਪ ਵਿਖੇ ਹੀ ਵੱਖ-ਵੱਖ ਸਕਿਉਰਿਟੀ ਏਜੰਸੀਆਂ ਵੱਲੋਂ ਪਲੇਸਮੈਂਟ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਵਿੱਚ ਮਦਦ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਵਸਨੀਕ ਚਾਹਵਾਨ ਯੁਵਕ ਮਿਤੀ 25 ਨਵੰਬਰ 2026 ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਸੀ-ਪਾਈਟ ਕੈਂਪ, ਪਿੰਡ ਬੋੜਾਵਾਲ (ਜ਼ਿਲ੍ਹਾ ਮਾਨਸਾ) ਵਿਖੇ ਨਿੱਜੀ ਤੌਰ ‘ਤੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਸਮੇਂ ਉਮੀਦਵਾਰ ਆਪਣੇ ਨਾਲ 10ਵੀਂ ਅਤੇ 12ਵੀਂ ਦੇ ਸਰਟੀਫਿਕੇਟਾਂ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਜ਼ਰੂਰ ਲੈ ਕੇ ਆਉਣ।
ਟ੍ਰੇਨਿੰਗ ਅਫ਼ਸਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੈਂਪ ਵਿਖੇ ਟੈਰੀਟੋਰੀਅਲ ਆਰਮੀ ਦੇ ਫਿਜ਼ੀਕਲ ਅਤੇ ਐੱਸ.ਐੱਸ.ਸੀ. (SSC GD) ਦੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ ਚਾਹਵਾਨ ਨੌਜਵਾਨ ਮੋਬਾਈਲ ਨੰਬਰ 98148-50214 ਜਾਂ 98760-11130 ‘ਤੇ ਸੰਪਰਕ ਕਰ ਸਕਦੇ ਹਨ।


















