ਮਿੱਡ-ਡੇ-ਮੀਲ ਕੁੱਕਾਂ ਅਤੇ ਹੈਲਪਰਾਂ ਦੀ ਸਿਹਤ ਜਾਂਚ ਲਾਜ਼ਮੀ

3

ਮਾਲੇਰਕੋਟਲਾ, 27 ਨਵੰਬਰ 2026 AJ DI Awaaj

Punjab Desk  :   ਪੰਜਾਬ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖੁਰਾਕ ਸੁਰੱਖਿਆ, ਰਾਸ਼ਨ ਦੀ ਵੰਡ, ਬੱਚਿਆਂ ਦੇ ਪੋਸ਼ਣ ਅਤੇ ਸਿਹਤ ਸਬੰਧੀ ਸਰਕਾਰੀ ਯੋਜਨਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਇਆ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ ਰਾਸ਼ਨ ਦੀ ਵੰਡ ਸਬੰਧੀ ਵੇਰਵੇ ਲਏ ਗਏ। ਉਨ੍ਹਾਂ ਰਾਸ਼ਨ ਡਿਪੂਆਂ ਵਿੱਚ ਲੱਗੇ ਕੰਡਿਆਂ ਦੀ ਜਾਂਚ ਕਰਵਾਉਣ ਅਤੇ ਸਹੀ ਮਾਪ-ਤੋਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਲਾਭਪਾਤਰੀਆਂ ਨੂੰ ਨਿਰਧਾਰਤ ਮਾਤਰਾ ਅਨੁਸਾਰ ਪੂਰਾ ਰਾਸ਼ਨ ਮਿਲ ਸਕੇ। ਬਾਲ ਵਿਕਾਸ ਵਿਭਾਗ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਵੰਡੇ ਜਾ ਰਹੇ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕਰਨ ਅਤੇ ਗਰਭਵਤੀ ਮਹਿਲਾਵਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਸਬੰਧੀ ਵੀ ਹਦਾਇਤਾਂ ਦਿੱਤੀਆਂ।
ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਮਾਜਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕ੍ਰਿਸ਼ਨਾ ਕਾਲੋਨੀ, ਮਾਲੇਰਕੋਟਲਾ ਦਾ ਦੌਰਾ ਕਰਕੇ ਮਿੱਡ-ਡੇ-ਮੀਲ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਸਕੂਲਾਂ ਦੇ ਕਿਚਨ ਗਾਰਡਨਾਂ ਦਾ ਨਿਰੀਖਣ ਕਰਦਿਆਂ ਉਨ੍ਹਾਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਹੋਰ ਫਲਦਾਰ ਅਤੇ ਸਬਜ਼ੀਆਂ ਵਾਲੇ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਸਿਹਤ ਵਿਭਾਗ ਨੂੰ ਸਕੂਲੀ ਬੱਚਿਆਂ ਦੀ ਨਿਯਮਤ ਸਿਹਤ ਜਾਂਚ ਕਰਵਾਉਣ ਅਤੇ ਕਿਸੇ ਸਮੱਸਿਆ ਦੀ ਸੂਰਤ ਵਿੱਚ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਮਿੱਡ-ਡੇ-ਮੀਲ ਤਿਆਰ ਕਰਨ ਵਾਲੇ ਕੁੱਕਾਂ ਅਤੇ ਹੈਲਪਰਾਂ ਦੀ ਵੀ ਨਿਯਮਤ ਸਿਹਤ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਬੱਚਿਆਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਭੋਜਨ ਮਿਲ ਸਕੇ। ਇਸ ਤੋਂ ਇਲਾਵਾ ਬੱਚਿਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਆਇਰਨ ਦੀਆਂ ਗੋਲੀਆਂ ਅਤੇ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਕ੍ਰਿਮੀਨਾਸ਼ਕ ਦਵਾਈ ਦੇਣ ਲਈ ਵੀ ਕਿਹਾ।
ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਰੱਖਦਿਆਂ ਖੁਰਾਕ, ਪੋਸ਼ਣ ਅਤੇ ਸਿਹਤ ਸਬੰਧੀ ਯੋਜਨਾਵਾਂ ਨੂੰ ਗੰਭੀਰਤਾ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਜ਼ਿਲ੍ਹਾ ਕੰਟਰੋਲਰ ਮੁਨੀਸ ਪਜਨੀ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਸੀ.ਡੀ.ਪੀ.ਓ. ਪਵਨ ਕੁਮਾਰ, ਸਹਾਇਕ ਕਮਿਸ਼ਨਰ ਫੂਡ ਰਾਖੀ ਵਿਨਾਇਕ, ਏ.ਐਫ.ਐਸ.ਓ. ਰਾਜਨ ਗੁਪਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲੇਸ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ