ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ

2

ਅੰਮ੍ਰਿਤਸਰ, 28 ਨਵੰਬਰ 2026 AJ DI Awaaj

Punjab Desk :    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਦੇ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਲਈ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ੋਭਾ ਯਾਤਰਾਵਾਂ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਰਬਸਾਂਝੀਆਂ ਸਿੱਖਿਆਵਾਂ, ਪਵਿੱਤਰ ਬਾਣੀ ਅਤੇ ਬਰਾਬਰਤਾ, ਪ੍ਰੇਮ ਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਇਨ੍ਹਾਂ ਚਾਰ ਸ਼ੋਭਾ ਯਾਤਰਾਵਾਂ ਵਿੱਚੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ 1 ਦਸੰਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਹੁੰਚੇਗੀ। ਸ਼ੋਭਾ ਯਾਤਰਾ ਦੇ ਸ਼ਾਨਦਾਰ ਸਵਾਗਤ ਅਤੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਰਵਿੰਦਰ ਸਿੰਘ ਅਰੋੜਾ ਵੱਲੋਂ ਅੱਜ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ 30 ਨਵੰਬਰ ਨੂੰ ਸਵੇਰੇ ਜੰਮੂ ਤੋਂ ਸ਼ੁਰੂ ਹੋਵੇਗੀ ਅਤੇ ਪਠਾਨਕੋਟ, ਗੁਰਦਾਸਪੁਰ ਤੇ ਬਟਾਲਾ ਰਾਹੀਂ ਹੁੰਦੀ ਹੋਈ 1 ਦਸੰਬਰ ਨੂੰ ਦੁਪਹਿਰ ਬਾਅਦ ਅੰਮ੍ਰਿਤਸਰ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ 1 ਦਸੰਬਰ ਦੀ ਰਾਤ ਨੂੰ ਸ੍ਰੀ ਰਾਮ ਤੀਰਥ ਸਥਿਤ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਠਹਿਰਾਅ ਕਰੇਗੀ। ਇਸ ਉਪਰੰਤ 2 ਦਸੰਬਰ ਨੂੰ ਰਾਮ ਤੀਰਥ ਤੋਂ ਰਵਾਨਾ ਹੋ ਕੇ ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਰਾਹੀਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਪਵਿੱਤਰ ਕਾਰਜ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਪਹਿਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋ ਕੇ ਕਾਨਪੁਰ, ਦਿੱਲੀ, ਅੰਬਾਲਾ, ਮੋਹਾਲੀ ਅਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ। ਦੂਜੀ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਰਵਾਨਾ ਹੋ ਕੇ ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਗੜ੍ਹਸ਼ੰਕਰ ਰਾਹੀਂ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ।

ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ ਬਰਨਾਲਾ, ਮਾਨਸਾ, ਲਹਿਰਾਗਾਗਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਰਿੰਡਾ ਅਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ, ਜਦਕਿ ਚੌਥੀ ਸ਼ੋਭਾ ਯਾਤਰਾ 30 ਨਵੰਬਰ ਨੂੰ ਸਵੇਰੇ ਜੰਮੂ ਤੋਂ ਸ਼ੁਰੂ ਹੋ ਕੇ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ।

ਚਾਰੇ ਸ਼ੋਭਾ ਯਾਤਰਾਵਾਂ ਦੇ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚਣ ਉਪਰੰਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 6 ਦਸੰਬਰ ਨੂੰ ਭੋਗ ਪਾਏ ਜਾਣਗੇ।