ਸ੍ਰੀ ਮੁਕਤਸਰ ਸਾਹਿਬ, 28 ਨਵੰਬਰ 2026 AJ DI Awaaj
ਇਹ ਕੈਂਪ ਡਿਪਟੀ ਕਮਿਸ਼ਨਰ – ਕਮ – ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲਗਾਏ ਗਏ।
ਅਤੇ ਇਹਨਾਂ ਕੈਂਪਾਂ ਸੰਬੰਧੀ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕੰਚਨ ਦੀ ਰਹਿਨੁਮਾਈ ਹੇਠ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।
ਕੈਂਪਾਂ ਦਾ ਸਫ਼ਲ ਆਯੋਜਨ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਸ੍ਰੀ ਰਾਜ ਕੁਮਾਰ ਦੀ ਦੇਖ਼ ਰੇਖ ਹੇਠ ਕੀਤਾ ਗਿਆ।
ਅੱਜ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਇਲੈਕਟੋਰਲ ਲਿਟਰੇਸੀ ਕਲੱਬ (ਈਐਲਸੀ) ਦੇ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੇ ਨਵੇਂ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰਵਾਏ ਗਏ ਅਤੇ ਉਨ੍ਹਾਂ ਨੂੰ ਵੋਟਰ ਰਜਿਸਟ੍ਰੇਸ਼ਨ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਨਵੀਂ ਵੋਟ ਬਣਵਾਉਣ ਲਈ ਜਨਮ ਸਰਟੀਫਿਕੇਟ ਜਾਂ ਦਸਵੀਂ ਜਮਾਤ ਦਾ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਪਾਸਬੁੱਕ, ਮਾਤਾ-ਪਿਤਾ ਦਾ ਵੋਟਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਵਰਗੇ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਫਾਰਮ ਨੰਬਰ 6 ਭਰਨ ਦੀ ਪ੍ਰਕਿਰਿਆ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸੇ ਲੜੀ ਤਹਿਤ ਜ਼ਿਲ੍ਹਾ ਸਵੀਪ ਟੀਮ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਵੀ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਕੂਲ ਵਿੱਚ ਚੱਲ ਰਹੀ ਪੀਐੱਮ ਸ੍ਰੀ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਦੇਣ ਲਈ ਜ਼ਿਲ੍ਹੇ ਦੇ ਵੱਖ – ਵੱਖ ਪਿੰਡਾਂ ਤੋਂ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜ਼ਿਲ੍ਹਾ ਸਵੀਪ ਟੀਮ ਵੱਲੋਂ ਆਪਣੀ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਟੀਮ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਹਰ ਯੋਗ ਨਾਗਰਿਕ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣਾ ਚਾਹੀਦਾ ਹੈ, ਤਾਂ ਜੋ ਉਹ ਚੋਣਾਂ ਦੌਰਾਨ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਸ੍ਰੀ ਰਾਜ ਕੁਮਾਰ, ਸ੍ਰੀ ਰੂੜ ਸਿੰਘ, ਸ੍ਰੀ ਲਖਵੀਰ ਸਿੰਘ, ਸ੍ਰੀ ਅਮਰਦੀਪ ਸਿੰਘ, ਸ੍ਰੀ ਸੰਜੀਵ ਭੱਟੀ, ਸ੍ਰੀ ਸਾਹਿਲ ਸਰਦਾਨਾ ਅਤੇ ਸ੍ਰੀ ਸੁਮਿਤ ਸਲੂਜਾ ਸਮੇਤ ਸ੍ਰੀ ਜਸਵਿੰਦਰ ਪਾਲ ਸ਼ਰਮਾ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀਆਂ ਸਵੀਪ ਟੀਮਾਂ ਦੇ ਮੈਂਬਰਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮੂਹ ਟੀਮ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਅਤੇ ਲੋਕਤੰਤਰੀ ਪ੍ਰਣਾਲੀ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਕੈਂਪਾਂ ਦੇ ਪ੍ਰਬੰਧਾਂ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ।
ਜ਼ਿਲ੍ਹਾ ਸਵੀਪ ਟੀਮ ਵੱਲੋਂ ਲਗਾਏ ਗਏ ਇਹ ਵਿਸ਼ੇਸ਼ ਕੈਂਪ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਅਤੇ ਉਨ੍ਹਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਏ ਗਏ। ਇਨ੍ਹਾਂ ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਹਰ ਯੋਗ ਨੌਜਵਾਨ ਆਪਣੀ ਵੋਟ ਜ਼ਰੂਰ ਬਣਵਾਏ ਅਤੇ ਇੱਕ ਜਾਗਰੂਕ ਤੇ ਜ਼ਿੰਮੇਵਾਰ ਨਾਗਰਿਕ ਵਜੋਂ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਵਿੱਚ ਆਪਣਾ ਯੋਗਦਾਨ ਪਾਵੇ।
ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਹਨਾਂ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ ਤੇ ਆਪਣੀ ਵੋਟ ਬਣਵਾਈ। ਉਹਨਾਂ ਦਾ ਕਹਿਣਾ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਇਹ ਇੱਕ ਵਿਸੇਸ਼ ਉਪਰਾਲਾ ਸੀ ਕਿ ਸਾਡੀਆਂ ਵੋਟਾਂ ਸਾਡੇ ਸਕੂਲਾਂ ਅਤੇ ਕਾਲਜ਼ਾਂ ਵਿੱਚ ਹੀ ਅਪਲਾਈ ਕਰਵਾਈਆਂ ਗਈਆਂ। ਉਹਨਾਂ ਅੱਗੇ ਕਿਹਾ ਕਿ ਇਹੋ ਜਿਹੇ ਕੈਂਪ ਹਮੇਸ਼ਾ ਲੱਗਣੇ ਚਾਹੀਦੇ ਹਨ।



















