ਮਿਹਨਤ ਅਤੇ ਸੱਚੀ ਲਗਨ ਨਾਲ ਹਰ ਮੰਜ਼ਿਲ ਤੱਕ ਪਹੁੰਚ ਸਕਦੇ ਹੋ: ਡਿਪਟੀ ਕਮਿਸ਼ਨਰ ਕੁਲਵੰਤ ਸਿੰਘ”

16

20 ਫਰਵਰੀ 2025  Aj Di Awaaj

ਡਿਪਟੀ ਕਮਿਸ਼ਨਰ ਨੇ ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦਿਆਂ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਪ੍ਰੇਰਿਆ

ਮਾਨਸਾ- (ਸੰਜੀਵ ਜਿੰਦਲ) ਮਾਨਸਾ ਯੂਥ ਲਾਇਬ੍ਰੇਰੀ ਅੰਬੇਡਕਰ ਭਵਨ ਵੱਲੋਂ ਹਰੇਕ ਪੰਦਰਵਾੜੇ ਟਾਕ ਸ਼ੋਅ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਸ਼ੁਰੂਆਤੀ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ ਵੀ ਮੋਜੂਦ ਸਨ।

ਡਿਪਟੀ ਕਮਿਸ਼ਨਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਨੌਜਵਾਨਾਂ ਨੂੰ ਵੱਖ ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਸੇਧ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂ ਬ ਰੂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ ਜਿੱਥੇ ਉਚ ਅਹੁਦਿਆਂ ’ਤੇ ਬਿਰਾਜਮਾਨ ਅਧਿਕਾਰੀਆਂ ਵੱਲੋਂ ਨੌਜਵਾਨਾਂ ਨਾਲ ਆਪਣੀ ਜ਼ਿੰਦਗੀ ਦੀ ਮਿਹਨਤ ਤੋਂ ਲੈ ਕੇ ਉੱਚ ਅਹੁਦਿਆਂ ਦੀ ਪ੍ਰਾਪਤੀ ਤੱਕ ਦੇ ਸਫ਼ਰ ਬਾਰੇ ਦੱਸ ਕੇ ਉਨ੍ਹਾਂ ਨੂੰ ਆਪਣਾ ਭਵਿੱਖ ਉਜਵੱਲ ਕਰਨ ਲਈ ਪ੍ਰੇਰਨਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਮਾਰਗਦਰਸ਼ਨ ਕਰਨ ਲਈ ਇਹ ਬਹੁਤ ਵਧੀਆ ਉਪਰਾਲਾ ਹੈ।

ਇਸ ਮੌਕੇ ਲਾਇਬ੍ਰੇਰੀ ਵਿਚ ਮੌਜੂਦ ਨੌਜਵਾਨਾਂ ਨੂੰ ਆਪਣੇ ਟੀਚੇ ਹਾਸਲ ਕਰਨ ਲਈ ਆਪਣੀ ਨਿੱਜੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਹਰ ਨੌਜਵਾਨ ਨੂੰ ਦ੍ਰਿੜ ਇਰਾਦੇ ਨਾਲ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਸਿਰਤੋੜ ਯਤਨ ਅਤੇ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਅਤੇ ਸੱਚੀ ਲਗਨ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ।

ਉਨ੍ਹਾਂ ਇਸ ਦੌਰਾਨ ਨੌਜਵਾਨਾਂ ਨਾਲ ਸਵਾਲ ਜਵਾਬ ਕਰਦਿਆਂ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਜ਼ਿਲ੍ਹੇ ਅੰਦਰ ਬਣੀਆਂ ਯੂਥ ਲਾਇਬ੍ਰੇਰੀਆਂ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਕਿਹਾ ਕਿ ਯੂਥ ਲਾਇਬ੍ਰੇਰੀਆਂ ਅੰਦਰ ਜਿੱਥੇ ਉੱਤਮ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਉਪਲੱਬਧ ਹਨ ਉੱਥੇ ਹੀ ਇੰਟਰਨੈਟ ਤੋਂ ਇਲਾਵਾ ਵਿਦਿਆਰਥੀਆਂ ਦੇ ਬੈਠਣ ਅਤੇ ਪੜ੍ਹਨ ਲਈ ਸੁਖਾਵਾਂ ਮਾਹੌਲ ਪ੍ਰਦਾਨ ਕੀਤਾ ਗਿਆ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਤੇਜਿੰਦਰ ਕੌਰ ਵੀ ਮੌਜੂਦ ਸਨ।