ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮਿਲ ਕੇ ਹੰਭਲਾ ਮਾਰਨ ਦਾ ਸੱਦਾ

20

ਬਟਾਲਾ, 2 ਨਵੰਬਰ 2026 AJ DI Awaaj

 

Punjab Desk :      ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਜ਼ਿਲ੍ਹੇ ਗੁਰਦਾਸਪੁਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਯਤਨ ਜਾਰੀ ਹਨ ਅਤੇ ਜਿਲ੍ਹੇ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ।

‘ਯੁੱਧ ਨਸ਼ਿਆ ਵਿਰੁੱਧ’ ਚੱਲ ਰਹੀ ਮੁਹਿੰਮ ਤਹਿਤ ਬਟਾਲਾ ਦੀ ਵਾਰਡ ਨੰਬਰ 28 ਦੀ ਮੀਟਿੰਗ ਕੀਤੀ ਗਈ ਅਤੇ ਆਪਣੇ ਆਲੇ-ਦੁਆਲੇ ਨਸ਼ਾ ਕਰਨ ਵਾਲੇ ਅਤੇ ਵੇਚਣ ਵਾਲਿਆਂ ਨੂੰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਰੋਕਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਪਰਦੀਪ ਕੁਮਾਰ, ਹਲਕਾ ਵਾਈਸ ਕੁਆਰਡੀਨੇਟਰ ਸੰਧੂ ਭੱਟੀ ਅਤੇ ਵਾਰਡ ਵਾਸੀ ਮੌਜੂਦ ਸਨ।

ਇਸ ਮੌਕੇ ਵਾਰਡ ਵਾਸੀਆਂ ਨਾਲ ਸਿੱਧੇ ਸੰਵਾਦ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਲੋਕਾਂ ਦੇ ਨਿਰੰਤਰ ਸਹਿਯੋਗ ਦੀ ਲੋੜ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਸੁਰੱਖਿਆ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਪਰਿਵਾਰਕ ਸਹਿਯੋਗ, ਚੰਗੀ ਸੰਗਤ ਅਤੇ ਖੇਡਾਂ ਤੇ ਮਨੋਰੰਜਨ ਦੀਆਂ ਸਹੂਲਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕ ਸੰਪਰਕ ਮੁਹਿੰਮਾਂ, ਸਖ਼ਤ ਕਾਰਵਾਈ ਅਤੇ ਮੁੜ ਵਸੇਬੇ ਦੇ ਉਪਰਾਲਿਆਂ ਰਾਹੀਂ ਨਸ਼ਾ ਵਿਰੋਧੀ ਮੁਹਿੰਮ ਨੂੰ ਸਿੱਧੇ ਪਿੰਡਾਂ ਅਤੇ ਸ਼ਹਿਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ।

ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੇ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਅਧਿਕਾਰੀਆਂ ਨਾਲ ਸਾਂਝੀ ਕਰਨ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਂਝੇ ਉਪਰਾਲੇ ਵਿੱਚ ਸਰਗਰਮ ਭੂਮਿਕਾ ਨਿਭਾਉਣ।