ਪੰਜਾਬ ਸਰਕਾਰ ਵੱਲੋਂ ਗਰੀਬਾਂ ਦੇ ਕਰਜ਼ੇ ਮੁਆਫ ਕਰਨਾ ਇੱਕ ਇਤਿਹਾਸਕ ਕਦਮ – ਸੇਖੋਂ

26

ਫ਼ਰੀਦਕੋਟ, 4 ਜੁਲਾਈ 2025 AJ DI Awaaj

Punjab Desk : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਸਮਾਜ ਦੇ ਪਿਛੜੇ ਅਤੇ ਗਰੀਬ ਵਰਗ ਨੂੰ ਆਰਥਿਕ ਤਾਕਤ ਦੇਣ ਲਈ ਠੋਸ ਅਤੇ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਕੋਸ਼ਿਸ਼ਾਂ ਦੀ ਇੱਕ ਮਹੱਤਵਪੂਰਨ ਕੜੀ ਤਹਿਤ ਅੱਜ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਹਲਕਾ ਫ਼ਰੀਦਕੋਟ ਦੇ 30 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਸੌਂਪੇ ਗਏ, ਜਿਨ੍ਹਾਂ ਦੇ ਕਰਜ਼ਿਆਂ ਦੀ ਕੁੱਲ ਰਕਮ 41.48 ਲੱਖ ਰੁਪਏ ਬਣਦੀ ਹੈ।

ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਮੁਆਫੀ ਨਾ ਸਿਰਫ਼ ਆਰਥਿਕ ਬੋਝ ਹਟਾਉਂਦੀ ਹੈ, ਸਗੋਂ ਲਾਭਪਾਤਰੀਆਂ ਨੂੰ ਇੱਕ ਨਵੀਂ ਸ਼ੁਰੂਆਤ ਕਰਨ ਲਈ ਹੌਂਸਲਾ ਵੀ ਦਿੰਦੀ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਮੁਸ਼ਕਲਾਂ ਦੀ ਵਜ੍ਹਾ ਨਾਲ ਪਿੱਛੇ ਨਾ ਰਹਿ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲਾਗੂ ਕੀਤੀ ਗਈ ਕਰਜ਼ਾ ਮੁਆਫੀ ਸਕੀਮ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਆਮ ਆਦਮੀ ਲਈ ਕੰਮ ਕਰਨ ਦੀ ਨਿਸ਼ਾਨੀ ਹੈ।

ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧੀਆ ਲੋਕ-ਭਲਾਈ ਦੀਆਂ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਰਾਜ ਨੂੰ ਤਰੱਕੀ ਤੇ ਵਿਕਾਸ ਵਿੱਚ ਹੋਰ ਅੱਗੇ ਵਧਾਇਆ ਜਾ ਸਕੇ।

ਇਸ ਮੌਕੇ ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਸ. ਅਮਨਦੀਪ ਸਿੰਘ ਬਾਬਾ, ਸ. ਅਮਰਜੀਤ ਸਿੰਘ ਪਰਮਾਰ  ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।