30October 2025 Aj Di Awaaj
Punjab Desk ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿੱਚ ਸਥਿਤ ਰਿਹਾਇਸ਼ੀ ਖੇਤਰ ਵਿੱਚ ਬੀਤੀ ਦੇਰ ਰਾਤ ਇੱਕ ਸਕਰੈਪ ਸਟੋਰ ਵਿੱਚ ਭਿਆਨਕ ਅੱਗ ਲੱਗ ਗਈ। ਹਾਦਸੇ ਵਿੱਚ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ, ਪਰ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਰ ਰਾਤ ਤੱਕ ਜੁਟੀਆਂ ਰਹੀਆਂ ਅਤੇ ਲਗਭਗ ਦੋ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਇਸ ਘਟਨਾ ਤੋਂ ਬਾਅਦ ਸ਼ਹਿਰ ਨਿਵਾਸੀਆਂ ਅਤੇ ਕੌਂਸਲਰਾਂ ਨੇ ਰਿਹਾਇਸ਼ੀ ਖੇਤਰਾਂ ਵਿੱਚ ਬਣੇ ਅਜਿਹੇ ਸਕਰੈਪ ਸਟੋਰਾਂ ‘ਤੇ ਗੰਭੀਰ ਸਵਾਲ ਖੜੇ ਕੀਤੇ ਹਨ। ਸ਼ਹਿਰ ਦੇ ਕੌਂਸਲਰ ਨੇ ਕਿਹਾ ਕਿ ਲਗਭਗ ਪੰਜ ਸਾਲ ਪਹਿਲਾਂ ਵੀ ਇਸੇ ਇਲਾਕੇ ਵਿੱਚ ਸਕਰੈਪ ਸਟੋਰਾਂ ਵਿੱਚ ਅੱਗ ਲੱਗਣ ਦੀ ਘਟਨਾ ਹੋਈ ਸੀ, ਪਰ ਉਸ ਤੋਂ ਬਾਅਦ ਵੀ ਇਹ ਸਟੋਰ ਰਿਹਾਇਸ਼ੀ ਖੇਤਰਾਂ ਤੋਂ ਹਟਾਏ ਨਹੀਂ ਗਏ। ਉਹਨਾਂ ਕਿਹਾ ਕਿ ਜੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਂ ਸਿਰ ਨਾ ਪਹੁੰਚਦੀਆਂ, ਤਾਂ ਅੱਗ ਰਿਹਾਇਸ਼ੀ ਘਰਾਂ ਤੱਕ ਵੀ ਫੈਲ ਸਕਦੀ ਸੀ।
ਸਕਰੈਪ ਸਟੋਰ ਦੇ ਮਾਲਕ ਬਾਬੂ ਰਾਮ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਸਟੋਰ ਵਿੱਚ ਪਿਆ ਗੱਤਾ ਤੇ ਪਲਾਸਟਿਕ ਪੂਰੀ ਤਰ੍ਹਾਂ ਸੜ ਗਿਆ। ਉਹਨਾਂ ਕਿਹਾ ਕਿ ਜਦੋਂ ਅੱਗ ਲੱਗੀ, ਉਹ ਦੁਕਾਨ ਵਿੱਚ ਹੀ ਮੌਜੂਦ ਸਨ ਅਤੇ ਧੂੰਆ ਨਿਕਲਦਾ ਦੇਖ ਕੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਕਾਬੂ ਨਹੀਂ ਪਾਇਆ ਜਾ ਸਕਿਆ। ਬਾਅਦ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਫਾਇਰ ਅਧਿਕਾਰੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਅੱਗ ਇਨੀ ਭਿਆਨਕ ਸੀ ਕਿ ਦੋ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਹੀ ਕਾਬੂ ਕੀਤਾ ਜਾ ਸਕਿਆ, ਜਦਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗਿਆ।














