ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੀਆਂ ਅਦਾਲਤਾਂ ਵਿੱਚ ਲੱਗੇਗੀ ਕੌਮੀ ਲੋਕ ਅਦਾਲਤ

1
ਰੂਪਨਗਰ, 5 ਸਤੰਬਰ 2026 AJ DI Awaaj
Punjab Desk  : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ 12 ਸਤੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਹ ਕੌਮੀ ਲੋਕ ਅਦਾਲਤ ਜ਼ਿਲ੍ਹਾ ਅਦਾਲਤਾਂ ਰੂਪਨਗਰ, ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਲਗਾਈ ਜਾਵੇਗੀ। ਇਸ ਦੌਰਾਨ ਬੈਂਕਾਂ ਨਾਲ ਸਬੰਧਤ ਮਾਮਲੇ, ਟੈਲੀਫ਼ੋਨ ਕੰਪਨੀਆਂ ਨਾਲ ਸਬੰਧਤ ਕੇਸ, ਬੀਮਾ ਕੰਪਨੀਆਂ ਦੇ ਮਾਮਲੇ, ਬਿਜਲੀ ਅਤੇ ਪਾਣੀ ਨਾਲ ਸਬੰਧਤ ਕੇਸਾਂ ਤੋਂ ਇਲਾਵਾ ਹਰ ਕਿਸਮ ਦੇ ਦਿਵਾਨੀ ਅਤੇ ਸਮਝੌਤਾਯੋਗ ਫੌਜਦਾਰੀ ਮਾਮਲੇ ਨਿਪਟਾਰੇ ਲਈ ਵਿਚਾਰੇ ਜਾਣਗੇ।
ਇਸ ਤੋਂ ਇਲਾਵਾ ਉਹ ਪ੍ਰੀ-ਲਿਟੀਗੇਟਿਵ ਮਾਮਲੇ, ਜੋ ਹਾਲੇ ਅਦਾਲਤਾਂ ਵਿੱਚ ਲੰਬਿਤ ਨਹੀਂ ਹਨ, ਵੀ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਵਿੱਚ ਲਿਆਂਦੇ ਜਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਮਾਮਲਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਸਮਝੌਤੇ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਲੋਕ ਅਦਾਲਤ ਵੱਲੋਂ ਪਾਸ ਕੀਤਾ ਗਿਆ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਵਿਰੁੱਧ ਆਮ ਤੌਰ ’ਤੇ ਕੋਈ ਅਪੀਲ ਨਹੀਂ ਹੁੰਦੀ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਮਾਮਲੇ ਦਾ ਨਿਪਟਾਰਾ ਕਰਵਾਉਣ ਨਾਲ ਲੋਕਾਂ ਦੇ ਸਮੇਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੀ ਕਾਨੂੰਨੀ ਪ੍ਰਕਿਰਿਆ ਤੋਂ ਵੀ ਰਾਹਤ ਮਿਲਦੀ ਹੈ।
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਯੋਗ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਲਈ 12 ਸਤੰਬਰ 2026 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।