ਪੰਜਾਬ ਵਿੱਚ 29 ਅਗਸਤ ਤੋਂ 7 ਸਤੰਬਰ ਤੱਕ ਚੱਲੇਗਾ ਵਿਸ਼ੇਸ਼ ਸਫਾਈ ਅਭਿਆਨ, ਸਾਰੇ Garbage Vulnerable Points ਕੀਤੇ ਜਾਣਗੇ ਖਤਮ

4

August 28,2026 Aj Di Awaaj

Chandigarh Desk:  ਪੰਜਾਬ ਨੂੰ ਸਾਫ਼-ਸੁਥਰਾ ਅਤੇ ਕੂੜਾ-ਕਰਕਟ ਮੁਕਤ ਬਣਾਉਣ ਵੱਲ ਸੂਬਾ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਭਰ ਵਿੱਚ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਚਲਾਉਣ ਦਾ ਐਲਾਨ ਕੀਤਾ ਹੈ। ਇਸ ਅਭਿਆਨ ਦੌਰਾਨ ਸਾਰੇ ਗਾਰਬੇਜ ਵਲਨਰੇਬਲ ਪੁਆਇੰਟਸ (GVPs) ਨੂੰ ਖਤਮ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ 10 ਦਿਨਾਂ ਦਾ ਅਭਿਆਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਨੂੰ ਹੋਰ ਗਤੀ ਦੇਵੇਗਾ। ਉਨ੍ਹਾਂ ਦੱਸਿਆ ਕਿ ਸੀਨੀਅਰ ਅਧਿਕਾਰੀ ਪਹਿਲਾਂ ਹੀ ਹਰ ਰੋਜ਼ ਸਵੇਰੇ 7 ਤੋਂ 8 ਵਜੇ ਤੱਕ ਜ਼ਮੀਨੀ ਪੱਧਰ ’ਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।

ਵਿਧਾਇਕ ਅਤੇ ਅਧਿਕਾਰੀ ਵੀ ਮੈਦਾਨ ਵਿੱਚ ਉਤਰਨਗੇ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਅਭਿਆਨ ਵਿੱਚ ਵਿਧਾਇਕਾਂ, ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ, ਕਾਰਜਸਾਧਕ ਅਧਿਕਾਰੀਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਅਗਲੇ 10 ਦਿਨਾਂ ਦੌਰਾਨ ਵਿਧਾਇਕ ਅਤੇ ਅਧਿਕਾਰੀ ਹਰ ਰੋਜ਼ ਸਵੇਰੇ ਮੈਦਾਨ ਵਿੱਚ ਜਾ ਕੇ GVPs ਦਾ ਨਿਰੀਖਣ ਕਰਨਗੇ। ਮੰਤਰੀ ਨੇ ਖੁਦ ਵੀ ਇਸ ਅਭਿਆਨ ਦੌਰਾਨ ਜ਼ਮੀਨੀ ਪੱਧਰ ’ਤੇ ਮੌਜੂਦ ਰਹਿਣ ਦੀ ਗੱਲ ਕਹੀ।

ਐੱਮ-ਸੇਵਾ ਐਪ ਰਾਹੀਂ ਲੋਕ ਵੀ ਕਰ ਸਕਣਗੇ ਸ਼ਿਕਾਇਤ

ਮੰਤਰੀ ਨੇ ਦੱਸਿਆ ਕਿ ਆਮ ਲੋਕ ਐੱਮ-ਸੇਵਾ ਐਪ ਰਾਹੀਂ ਆਪਣੇ ਇਲਾਕੇ ਵਿੱਚ ਮੌਜੂਦ ਕੂੜੇ ਦੇ ਢੇਰ ਜਾਂ Garbage Vulnerable Points ਦੀਆਂ ਤਸਵੀਰਾਂ ਅਪਲੋਡ ਕਰਕੇ ਇਸ ਮੁਹਿੰਮ ਦਾ ਹਿੱਸਾ ਬਣ ਸਕਦੇ ਹਨ। ਹਰ ਸ਼ਿਕਾਇਤ ਲਈ ਇੱਕ ਵੱਖਰੀ ਆਈਡੀ ਤਿਆਰ ਕੀਤੀ ਜਾਵੇਗੀ, ਜਿਸ ਰਾਹੀਂ ਲੋਕ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਟਰੈਕ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਸਬੰਧਤ ਥਾਂ ਦੀ ਸਫਾਈ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਅੰਮ੍ਰਿਤਸਰ ਵਿੱਚ 600 ਅਤੇ ਪਟਿਆਲਾ ਵਿੱਚ ਕਰੀਬ 450 GVPs ਦੀ ਪਛਾਣ

ਹਰਜੋਤ ਸਿੰਘ ਬੈਂਸ ਮੁਤਾਬਕ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਕੂੜਾ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਕੱਲੇ ਅੰਮ੍ਰਿਤਸਰ ਵਿੱਚ ਕਰੀਬ 600 ਅਤੇ ਪਟਿਆਲਾ ਵਿੱਚ ਲਗਭਗ 450 Garbage Vulnerable Points ਚਿੰਨ੍ਹਿਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਅਭਿਆਨ ਦੌਰਾਨ ਇਨ੍ਹਾਂ ਸਾਰੇ ਸਥਾਨਾਂ ਦੀ ਪੂਰੀ ਤਰ੍ਹਾਂ ਸਫਾਈ ਕਰਨ ਦੇ ਨਾਲ-ਨਾਲ ਇਨ੍ਹਾਂ ਥਾਵਾਂ ’ਤੇ ਮੁੜ ਕੂੜਾ ਇਕੱਠਾ ਨਾ ਹੋਣ ਦੇ ਪ੍ਰਬੰਧ ਵੀ ਕੀਤੇ ਜਾਣਗੇ।

‘ਸਫਾਈ ਅਭਿਆਨ ਨਹੀਂ, ਜਨ ਅੰਦੋਲਨ ਬਣਾਈਏ’

ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਿਰਫ਼ ਸਰਕਾਰੀ ਅਭਿਆਨ ਨਾ ਸਮਝਣ, ਸਗੋਂ ਇਸ ਨੂੰ ਜਨ ਅੰਦੋਲਨ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਸਫਾਈ ਸੇਵਕਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਮਿਹਨਤ ਦੀ ਕਦਰ ਕਰਨ ਦੀ ਵੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਫਾਈ ਸੇਵਕ ਪੂਰੀ ਮਿਹਨਤ ਨਾਲ ਕਿਸੇ ਇਲਾਕੇ ਨੂੰ ਸਾਫ਼ ਕਰਦੇ ਹਨ, ਪਰ ਕੁਝ ਸਮੇਂ ਬਾਅਦ ਲੋਕ ਉਸੇ ਥਾਂ ’ਤੇ ਮੁੜ ਕੂੜਾ ਸੁੱਟ ਦਿੰਦੇ ਹਨ। ਇਸ ਲਈ ਲੋਕਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਫਾਈ ਸੇਵਕਾਂ ਦੀ ਮਿਹਨਤ ਨੂੰ ਵਿਅਰਥ ਨਾ ਜਾਣ ਦੇਣ ਅਤੇ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ।

ਹਰ ਨਗਰ ਨਿਗਮ ਅਤੇ ਨਗਰ ਕੌਂਸਲ ਵਿੱਚ ਬਣਨਗੀਆਂ ਵਿਸ਼ੇਸ਼ ਟੀਮਾਂ

ਮੰਤਰੀ ਨੇ ਦੱਸਿਆ ਕਿ ਪੂਰੇ ਅਭਿਆਨ ਦੀ ਵਿਸ਼ੇਸ਼ ਪ੍ਰਬੰਧ ਰਾਹੀਂ ਨਿਗਰਾਨੀ ਕੀਤੀ ਜਾਵੇਗੀ। ਹਰੇਕ ਨਗਰ ਨਿਗਮ ਅਤੇ ਨਗਰ ਕੌਂਸਲ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ, ਜੋ ਚਿੰਨ੍ਹਿਤ GVPs ਦੀ ਸਫਾਈ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣਗੀਆਂ।

ਉਨ੍ਹਾਂ ਲੋਕਾਂ ਨੂੰ ਐੱਮ-ਸੇਵਾ ਐਪ ਡਾਊਨਲੋਡ ਕਰਨ, ਕੂੜਾ ਇਕੱਠਾ ਹੋਣ ਵਾਲੀਆਂ ਥਾਵਾਂ ਦੀਆਂ ਤਸਵੀਰਾਂ ਅਪਲੋਡ ਕਰਨ ਅਤੇ ਆਪਣੇ ਇਲਾਕਿਆਂ ਵਿੱਚ ਚੱਲ ਰਹੀਆਂ ਸਫਾਈ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।