ਕੋਟਕਪੂਰਾ 23 ਨਵੰਬਰ 2026 AJ DI Awaaj
Punjab Desk : ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਉਸਾਰੂ ਮੁਕਾਬਲੇ (ਕੰਪੀਟੀਸ਼ਨ) ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਦੇ ਬੌਧਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਥਾਨਕ ਬਾਬਾ ਫ਼ਰੀਦ ਨਰਸਿੰਗ ਕਾਲਜ ਕੋਟਕਪੂਰਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਸ਼ੇਸ਼ ਤੌਰ ’ਤੇ ਰੂ-ਬ-ਰੂ ਹੁੰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 15 ਤੋਂ 30 ਸਾਲ ਦੇ ਨੌਜਵਾਨ ਇਸ ਮੁਕਾਬਲੇ ਵਿੱਚ ਹਿੱਸਾ ਲੈ ਸਕਦੇ ਹਨ।
ਸ.ਸੰਧਵਾਂ ਨੇ ਕਿਹਾ ਕਿ ਅਜੋਕਾ ਯੁੱਗ ਮੁਕਾਬਲੇ ਦਾ ਯੁੱਗ ਹੈ ਅਤੇ ਸਾਡੇ ਵਿਦਿਆਰਥੀਆਂ ਵਿੱਚ ਹੁਨਰ ਤੇ ਯੋਗਤਾ ਦੀ ਕੋਈ ਕਮੀ ਨਹੀਂ ਹੈ, ਬੱਸ ਉਨ੍ਹਾਂ ਨੂੰ ਸਹੀ ਮੰਚ ਅਤੇ ਸੇਧ ਦੇਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਬਾਹਰ ਲਿਆਉਣ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਵੱਡੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ।



















