ਆਮ ਆਦਮੀ ਪਾਰਟੀ ਦੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਲੰਬੀ ਦੇ ਪਿੰਡਾਂ ‘ਚ ਮੀਟਿੰਗਾਂ

25

ਲੰਬੀ, 21 ਮਈ 2025 Aj Di Awaaj

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਨੇ ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ। ਇਸ ਯਾਤਰਾ ਨੂੰ ਖੇਤੀਬਾੜੀ ਮੰਤਰੀ ਅਤੇ ਹਲਕਾ ਲੰਬੀ ਤੋਂ ਵਿਧਾਇਕ ਸ. ਗੁਰਮੀਤ ਸਿੰਘ ਖੁੱਡੀਆਂ ਸ਼ਿੱਦਤ ਨਾਲ ਅੱਗੇ ਵਧਾ ਰਹੇ ਹਨ ਜਿਸ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਨਸ਼ਿਆਂ ਦੇ ਖਾਤਮੇ ਹਿਤ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ ਤੇ ਨਸ਼ਿਆਂ ਤੋਂ ਪੀੜਤ ਮਰੀਜ਼ਾਂ ਨੂੰ ਸਹੀ ਇਲਾਜ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਛਾਪਿਆਂਵਾਲੀ, ਕੋਲਿਆਂਵਾਲੀ ਅਤੇ ਬੁਰਜ ਸਿਧਵਾਂ ਵਿਖੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।

ਅਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ ਅਤੇ ਨਾਲੋ-ਨਾਲ ਤਸਕਰਾਂ ਨੂੰ ਫੜਿਆ ਵੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜਨ।

ਉਨ੍ਹਾਂ ਇਸ ਮੌਕੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਤਹਿਤ ਇਹ ਸੰਕਲਪ ਲਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ। ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਵੇਗਾ। ਹੁਣ ਨਾ ਕੋਈ ਨਸ਼ਾ ਵਿਕੇਗਾ, ਨਾ ਕੋਈ ਤਸਕਰ ਪਿੰਡ ਵਿੱਚ ਵੜੇਗਾ।

ਸ. ਖੁੱਡੀਆਂ ਨੇ ਕਿਹਾ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾ, ਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ , ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ। ਉਹਨਾਂ ਨੇ ਅਪੀਲ ਕੀਤੀ ਕਿ ਹਰ ਪਿੰਡ, ਹਰ ਪਰਿਵਾਰ, ਹਰ ਨੌਜਵਾਨ ਇਸ ਅੰਦੋਲਨ ਨਾਲ ਜੁੜੇ।

ਇਸ ਮੌਕੇ ਹਲਕਾ ਲੰਬੀ ਦੇ ਮੋਰਚਾ ਕੋਆਰਡੀਨੇਟਰ ਪਰਮਪਾਲ ਸਿੰਘ ਸਮੇਤ ਪਿੰਡਾਂ ਦੇ ਪੰਚ ਸਰਪੰਚ, ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਤੇ ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।