AAP ਸਰਪੰਚ ਕ*ਤਲ ਮਾਮਲਾ: DGP ਗੌਰਵ ਯਾਦਵ ਦੀ ਪ੍ਰੈੱਸ ਕਾਨਫਰੰਸ

27

ਤਰਨਤਾਰਨ 12 Jan 2026 AJ DI Awaaj

Punjab Desk :  ਆਮ ਆਦਮੀ ਪਾਰਟੀ (AAP) ਦੇ ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

DGP ਨੇ ਦੱਸਿਆ ਕਿ ਬੀਤੇ ਦਿਨੀਂ ਛੱਤੀਸਗੜ੍ਹ ਦੇ ਰਾਏਪੁਰ ਤੋਂ 2 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਸੁਖਰਾਜ ਅਤੇ ਕਰਮਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਤਰਨਤਾਰਨ ਦੇ ਰਹਿਣ ਵਾਲੇ ਹਨ ਅਤੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਕਤਲ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਨੇ ਟੈਕਨੀਕੀ ਜਾਂਚ ਦੌਰਾਨ ਉਨ੍ਹਾਂ ਦੀ ਲੋਕੇਸ਼ਨ ਟਰੇਸ ਕਰਕੇ ਛਾਪੇਮਾਰੀ ਕੀਤੀ ਅਤੇ ਗ੍ਰਿਫਤਾਰੀ ਕੀਤੀ। ਦੋਵਾਂ ਨੂੰ ਰਾਏਪੁਰ ਦੀ ਅਦਾਲਤ ਵਿੱਚ ਪੇਸ਼ ਕਰਕੇ ਟਰਾਂਜਿਟ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਪੁਲਿਸ ਨੇ ਮੋਹਾਲੀ ਤੋਂ 2 ਅਤੇ ਤਰਨਤਾਰਨ ਤੋਂ 3 ਹੋਰ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਹੈ। ਪਹਿਲਾਂ ਹੀ ਇਸ ਮਾਮਲੇ ਵਿੱਚ ਸ਼ਾਮਲ ਇਕ ਸਹਿਯੋਗੀ ਨੂੰ ਪੁਲਿਸ ਮੁਕਾਬਲੇ ਦੌਰਾਨ ਮਾਰ ਗਿਰਾਇਆ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ 4 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਸਰਪੰਚ ਜਰਮਲ ਸਿੰਘ ਨੂੰ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੀਸੀਟੀਵੀ ਫੁਟੇਜ ਵਿੱਚ ਹੁੱਡੀਆਂ ਪਾਏ ਹੋਏ ਹਮਲਾਵਰ ਨਜ਼ਰ ਆਏ ਸਨ, ਜਿਨ੍ਹਾਂ ਨੇ ਖਾਣਾ ਖਾਂਦੇ ਸਮੇਂ ਵਾਰਦਾਤ ਨੂੰ ਅੰਜਾਮ ਦਿੱਤਾ।

ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ।