ਫ਼ਿਰੋਜ਼ਪੁਰ, 18 ਜੂਨ 2025 AJ Di Awaaj
Punjab Desk : ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸਮਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਡੇਂਗੂ, ਮਲੇਰੀਆ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਸਬੰਧੀ ਮੁਨਾਦੀ ਲਈ ਰਿਕਸ਼ਿਆਂ ਨੂੰ ਰਵਾਨਾ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਵੀ ਪਾਣੀ ਵਾਲੇ ਸਰੋਤਾਂ ਤੋਂ ਮੱਛਰ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਮੌਕੇ ਨਸ਼ਟ ਕਰਵਾਇਆ ਜਾ ਰਿਹਾ ਹੈ। ਬੁਖਾਰ ਵਾਲੇ ਸ਼ੱਕੀ ਕੇਸਾਂ ਦੇ ਖੂਨ ਦੇ ਨਮੂਨੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਬੁਖਾਰ ਹੋਣ ਦੀ ਹਾਲਤ ਵਿਚ ਸਰਕਾਰੀ ਹਸਪਤਾਲ ਵਿੱਚ ਜਾ ਕੇ ਡੇਂਗੂ ਤੇ ਮਲੇਰੀਆ ਦਾ ਟੈਸਟ ਜੋ ਕਿ ਮੁਫ਼ਤ ਕੀਤਾ ਜਾਂਦਾ ਹੈ, ਕਰਵਾਉਣਾ ਚਾਹੀਦਾ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਕਰਨ ਲਈ ਹਰ ਸ਼ੁਕਰਵਾਰ ਨੂੰ ਮੱਛਰ ਦਾ ਲਰਵਾ ਖਤਮ ਕਰਨ ਲਈ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮਨਾਇਆ ਜਾਂਦਾ ਹੈ ਤਾਂ ਜੋ ਇਹੋ ਜਿਹੀਆਂ ਬਿਮਾਰੀਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਹੋ ਸਕੇ।
ਇਸ ਮੌਕੇ ਡਾ. ਮੀਨਾਕਸ਼ੀ ਅਬਰੋਲ ਜਿਲ੍ਹਾ ਟੀਕਾਕਰਨ ਅਫ਼ਸਰ, ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਸੁਪਰਡੈਂਟ ਪਰਮਵੀਰ ਮੋਂਗਾ ਅਤੇ ਤ੍ਰਿਪਤੀ, ਸਟੇਨੋ ਵਿਕਾਸ ਕਾਲੜਾ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ, ਸਹਾਇਕ ਮਲੇਰੀਆ ਅਫ਼ਸਰ ਹਰਜੀਤ ਸਿੰਘ ਅਤੇ ਕਮਲਜੀਤ ਸਿੰਘ, ਵੱਡੀ ਗਿਣਤੀ ਵਿੱਚ ਬਹੁਮੰਤਵੀ ਸਿਹਤ ਵਰਕਰ ਹਾਜ਼ਰ ਸਨ।
