ਮਾਲੇਰਕੋਟਲਾ 25 ਅਗਸਤ 2025 AJ DI Awaaj
Punjab Desk : ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਤੋਂ ਇਲਾਵਾ ਨਸ਼ਿਆਂ ਵਿਰੁੱਧ ਜਨਤਕ ਮੁਹਿੰਮ ਨੂੰ ਅਮਲ ਵਿਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ।ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਨਾਰਕੋ ਕੋਆਰਡੀਨੇਸ਼ਨ (ਐਨਕੋਰਡ) ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਰਿਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ ।
ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਤਾਕੀਦ ਕੀਤੀ ਕਿ ਉਹ ਆਪੋ-ਆਪਣੇ ਪੱਧਰ ‘ਤੇ ਨਸ਼ਿਆਂ ਦੀ ਰੋਕਥਾਮ ਲਈ ਠੋਸ ਯਤਨ ਕਰਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਅ ਕੇ ਉਨ੍ਹਾਂ ਦੀ ਅਥਾਹ ਊਰਜਾ ਨੂੰ ਸੁਚੱਜੇ ਪਾਸੇ ਲਾਇਆ ਜਾ ਸਕੇ
ਉਨ੍ਹਾਂ ਕਿਹਾ ਕਿ ਵੱਖ-ਵੱਖ ਪੱਧਰ ‘ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਨੂੰ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਅਤੇ ਹੋਰਨਾਂ ਸੈਂਟਰਾਂ ਵਿਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ਼ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਯਤਨਾਂ ਨੂੰ ਜਨਤਕ ਮੁਹਿੰਮ ਬਣਾਇਆ ਜਾਵੇ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਨਸ਼ਾ ਮੁਕਤੀ ਕੇਂਦਰਾਂ ਬਾਰੇ ਜਾਣਕਾਰੀ ਇੱਕਤਰ ਕਰਦਿਆ ਦੱਸਿਆ ਕਿ ਜ਼ਿਲ੍ਹੇ ਵਿੱਚ 07 ਓਟ ਕਲੀਨਿਕ ਕਾਰਜਸ਼ੀਲ ਹਨ । ਸੱਤਵਾਂ ਓਟ ਕਲੀਨਿਕ ਲੋਕਾਂ ਦੀ ਸਹੂਲਤ ਲਈ ਜੇਲ ਵਿਖੇ ਕਾਰਜਸ਼ੀਲ ਕੀਤਾ ਗਿਆ ਤਾਂ ਜੋ ਉੱਥੇ ਰਹਿ ਰਹੇ ਲੋਕਾਂ ਨੂੰ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਤੰਦਰੁਸਤ ਕਰਨ ਲਈ ਵਰਜਿਸ਼, ਜਿੰਮ ਦੇ ਪ੍ਰਬੰਧਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੋਗਾ ਕਲਾਸਾਂ ਵੀ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਨੌਜਵਾਨ ਪੂਰੀ ਤਰ੍ਹਾਂ ਰਿਸ਼ਟ-ਪੁਸ਼ਟ ਹੋ ਸਕਣ।
ਪੁਲਿਸ ਵਿਭਾਗ ਤੋਂ ਪਿਛਲੇ ਦਿਨੀਂ ਕੀਤੀ ਕਾਰਵਾਈ ਬਾਰੇ ਐਸ.ਪੀ ਰਾਜਨ ਸ਼ਰਮਾ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ 01 ਅਗਸਤ ਤੋਂ 22 ਅਗਸਤ 2025 ਤੱਕ ਐਨ.ਡੀ.ਪੀ.ਐਸ. ਦੇ 50 ਮਾਮਲੇ ਦਰਜ ਕੀਤੇ ਗਏ ਹਨ ਅਤੇ 71 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 319 ਗ੍ਰਾਮ ਹੈਰੋਇਨ, 33 ਕਿਲੋ ਭੁੱਕੀ, 2850 ਨਸ਼ੀਲੇ ਕੈਪਸੂਲ/ਗੋਲੀਆਂ, 12 ਸੀਰਪ ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਣ ਤੱਕ ਨਸ਼ਾ ਤਸਕਰ ਦੀਆਂ 03 ਪ੍ਰਾਪਰਟੀਆਂ ਜਿਸ ਦੀ ਕੀਮਤ ਕਰੀਬ 70 ਲੱਖ 32 ਹਜਾਰ ਰੁਪਏ ਹੈ, ਅਟੈਚ ਕੀਤੀ ਗਈ ਹੈ । ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਅਤੇ ਪੁਲਿਸ ਵਿਭਾਗ ਨੂੰ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਾਂਝੀ ਚੈਕਿੰਗ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਕਪਤਾਨ ਪੁਲਿਸ ਰਾਜਨ ਸ਼ਰਮਾ, ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਮੈਡੀਕਲ ਅਫਸਰ ਡਾ. ਅਸ਼ੋਕ ਕੁਮਾਰ, ਜਿਲਾ ਖੇਡ ਅਫਸਰ ਗੁਰਦੀਪ ਸਿੰਘ, ਕਰ ਅਤੇ ਆਬਕਾਰੀ ਇੰਸਪੈਕਟਰ ਦਲਜੀਤ ਸਿੰਘ, ਖੇਤੀਬਾੜੀ ਅਫਸਰ ਡਾ. ਕੁਲਬੀਰ ਸਿੰਘ,ਤਹਿਸੀਲ ਭਲਾਈ ਅਫ਼ਸਰ ਹਰਪ੍ਰੀਤ ਸਿੰਘ, ਜੋਨਲ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ ਅਤੇ ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
