ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ

47
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ 
ਹੀਟ ਵੇਵ ਐਡਵਾਈਜਰੀ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ 
ਫ਼ਿਰੋਜ਼ਪੁਰ, ਅੱਜ ਦੀ ਆਵਾਜ਼ | 11 ਅਪ੍ਰੈਲ 2025
ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2025 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਿਸੇ ਵੀ ਬਾਸ਼ਿੰਦੇ ਨੂੰ, ਖਾਸ ਕਰ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਨੂੰ ਗਰਮੀ ਕਾਰਨ ਜਾਨੀ ਨੁਕਸਾਨ ਨਾ ਝੱਲਣਾ ਪਵੇ, ਇਸ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਗੇਤੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ  ਗਰਮੀ ਦੇ ਮੌਸਮ ਦੌਰਾਨ ਹੀਟ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਬੰਧਤ ਵਿਭਾਗਾਂ ਤੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਕਾਰਵਾਈ ਰਿਪੋਰਟ ਦੀ ਸਮੀਖਿਆ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਦੱਸਿਆ ਕਿ ਆਗਾਮੀ ਦਿਨਾਂ ਦੌਰਾਨ ਜਿਆਦਾ ਗਰਮੀ ਪੈਣ ਅਤੇ ਲੂ ਚੱਲਣ ਦੀ ਸੰਭਾਵਨਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹੀਟ ਅਲਰਟ ਜਾਰੀ ਕਰਨ, ਹੀਟ ਅਲਰਟ ਦੌਰਾਨ ਰਿਪੋਰਟਾਂ ਨੂੰ ਵਿਚਾਰਨ, ਤਾਜੇ ਪੀਣ ਯੋਗ ਪਾਣੀ ਦਾ ਪ੍ਰਬੰਧ ਕਰਨ, ਹਸਪਤਾਲਾਂ ਆਦਿ ਵਿੱਚ ਬਿਜਲੀ ਦੀ ਸਪਲਾਈ ਨਿਰਵਿਘਨ ਚਲਾਉਣ ਲਈ ਆਦੇਸ਼ ਦਿੱਤੇ ਹਨ। ਉਨ੍ਹਾਂ ਸਿਹਤ ਵਿਭਾਗ ਨੂੰ ਗਰਮੀ ਸਬੰਧੀ ਬਿਮਾਰੀਆਂ ਤੋਂ ਬਚਾਓ ਬਾਰੇ ਜਾਗਰੂਕ ਕਰਨ, ਸਾਰੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਨੂੰ ਦਵਾਈਆਂ, ਓ.ਆਰ.ਐਸ. ਅਤੇ ਹੋਰ ਲੋੜੀਂਦਾ ਸਮਾਨ ਤੇ ਸਟਾਫ ਉਪਲਭਧ ਰੱਖਣ, ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਆਦਿ ਬਾਰੇ ਹਦਾਇਤਾਂ ਦਿੱਤੀਆਂ। ਜ਼ਿਲ੍ਹਾ ਮੰਡੀ ਅਫ਼ਸਰ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਲਈ ਪੀਣ ਯੋਗ ਤਾਜ਼ੇ ਪਾਣੀ, ਛਾਂ, ਪਖ਼ਾਨਿਆਂ ਆਦਿ ਦਾ ਪ੍ਰਬੰਧ ਮੁਕੰਮਲ ਰੱਖਣ ਲਈ ਕਿਹਾ। ਇਸ ਦੇ ਨਾਲ ਹੀ ਨਗਰ ਕੌਂਸਲਾਂ ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਕਾਮਿਆਂ ਲਈ ਪਾਣੀ ਅਤੇ ਛਾਂ ਦਾ ਪ੍ਰਬੰਧ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਪਸ਼ੂ ਪਾਲਣ ਵਿਭਾਗ ਨੂੰ ਪਸ਼ੂ/ਪੰਛੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਲਾਹਕਾਰੀ ਆਦਿ ਰਾਹੀਂ ਜਾਣਕਾਰੀ ਦੇਣ ਅਤੇ ਪਸ਼ੂ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਲਈ ਕਿਹਾ। ਜਨਤਕ ਥਾਵਾਂ ‘ਤੇ ਬੱਸ ਅੱਡਿਆਂ ਉਪਰ ਪੀਣ ਵਾਲੇ ਠੰਡੇ ਪਾਣੀ, ਛਾਂ, ਸ਼ੈੱਡ ਆਦਿ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਬਿਮਾਰੀਆਂ ਦਾ ਖਤਰਾ ਵੀ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ, ਸਿੱਧੀ ਧੁੱਪ ਤੋਂ ਸਿਰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਸਿੱਧੀ ਧੁੱਪ ‘ਚ ਪੱਗ ਜਾਂ ਰੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੌਸਮੀ ਫਲਾਂ ਅਤੇ ਸਬਜ਼ੀਆਂ ਜਿਵੇਂ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰਾ, ਟਮਾਟਰ, ਤੋਰੀ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਰਮੀ ਅਤੇ ਲੂ ਤੋਂ ਬਚਾਓ ਲਈ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦਾ ਪਾਲਣ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਦਿਵਯਾ ਪੀ, ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ, ਕਾਰਜਸਾਧਕ ਅਫਸਰ ਨਗਰ ਕੌਂਸਲ ਫਿਰੋਜ਼ਪੁਰ ਪੂਨਮ ਭਟਨਾਗਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।