ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ  ’ਤੇ ਪਾਬੰਦੀ ਦੇ ਹੁਕਮ ਜਾਰੀ

1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ

ਫ਼ਿਰੋਜ਼ਪੁਰ, ਅੱਜ ਦੀ ਆਵਾਜ਼ | 22 ਅਪ੍ਰੈਲ 2025
ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ ।

ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਕਟਾਈ ਲਈ ਕੰਬਾਇਨਾਂ ਦੀ ਵਰਤੋਂ 24 ਘੰਟੇ ਕੀਤੀ ਜਾਂਦੀ ਹੈ। ਇਸ ਲਈ ਰਾਤ ਦੇ ਸਮੇਂ ਕੰਬਾਇਨਾਂ ਚਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਤਰ੍ਹਾਂ ਕੰਬਾਇਨਾਂ ਨਾਲ ਰਾਤ ਵੇਲੇ ਹਰੀ ਕਣਕ ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀ ਹੁੰਦੀ ਉਸਦੀ ਕਟਾਈ ਕਰ ਦਿੱਤੀ ਜਾਂਦੀ ਹੈ ਅਤੇ ਇਸ ਕਰਕੇ ਹਰੀ ਕੱਟੀ ਹੋਈ ਕਣਕ ਸੁਕਣ ਤੇ ਕਾਲੀ ਪੈ ਜਾਂਦੀ ਹੈ, ਸਿੱਟੇ ਵਜੋਂ ਕਿਸਾਨਾਂ ਨੂੰ ਸਿੱਧੇ ਤੌਰ ’ਤੇ ਨੁਕਸਾਨ ਝੱਲਣਾ ਪੈਂਦਾ ਹੈ। ਗਿੱਲੀ ਕਣਕ ਦੇ ਮੰਡੀਆਂ ਵਿੱਚ ਨਾ ਵਿੱਕ ਸਕਣ ਕਾਰਨ ਕਈ ਵਾਰ ਅਮਨ ਕਾਨੂੰਨ ਦੀ ਸਥਿਤੀ ਵੀ ਖ਼ਰਾਬ ਹੋ ਜਾਂਦੀ ਹੈ। ਇਸ ਤੋ ਇਲਾਵਾ ਇਹ ਵੀ ਵੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਲਈ ਵਰਤੀਆਂ ਜਾਂਦੀਆਂ ਹਨ, ਜਿਹਨਾਂ ਨਾਲ ਕਣਕ ਦੀ ਕੁਆਲਟੀ ਖਰਾਬ ਹੋ ਜਾਂਦੀ ਹੈ । ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੋ ਜਾਂਦਾ ਹੈ ਅਤੇ ਇਸ ਤਰ੍ਹਾਂ ਦੇ ਰੋਸ ਨਾਲ ਅਮਨ-ਕਾਨੂੰਨ ਭੰਗ ਹੋਣ ਦੀ ਸਥਿਤੀ ਵਿਗੜ ਜਾਂਦੀ ਹੈ।

ਇਹ ਹੁਕਮ 31.05.2025 ਤੱਕ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਲਾਗੂ ਰਹੇਗਾ।