ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੇ 117 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

14

3November 2025 Aj Di Awaaj

Punjab Desk ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿੱਚ ਵੋਟਿੰਗ ਰਾਹੀਂ ਪ੍ਰਧਾਨ ਦੀ ਚੋਣ ਪ੍ਰਕਿਰਿਆ ਪੂਰੀ ਹੋ ਗਈ ਹੈ। ਇਸ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਮਾਸਟਰ ਮਿੱਠੂ ਸਿੰਘ ਕਾਹਨਕੇ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਧਾਮੀ ਨੇ ਜਿੱਤ ਹਾਸਲ ਕੀਤੀ। ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਅਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਚੁਣੇ ਗਏ ਹਨ। ਇਹ ਸਾਰੇ ਅਹੁਦੇਦਾਰ ਮੁੜ ਆਪਣੇ ਪੁਰਾਣੇ ਅਹੁਦਿਆਂ ‘ਤੇ ਹੀ ਤੈਨਾਤ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹੋਈ ਚੋਣ ਵਿੱਚ ਕੁੱਲ 136 ਵੋਟਾਂ ਪਈਆਂ। ਇਨ੍ਹਾਂ ਵਿਚੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 117 ਵੋਟਾਂ ਮਿਲੀਆਂ, ਜਦਕਿ ਮਾਸਟਰ ਮਿੱਠੂ ਸਿੰਘ ਕਾਹਨਕੇ ਨੂੰ ਸਿਰਫ਼ 18 ਵੋਟਾਂ ਹੀ ਪ੍ਰਾਪਤ ਹੋਈਆਂ। ਇਕ ਵੋਟ ਰੱਦ ਹੋ ਗਈ।

ਜ਼ਿਕਰਯੋਗ ਹੈ ਕਿ ਇਹ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਹੋਏ। ਇਜਲਾਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਈ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸੁਖਬੀਰ ਸਿੰਘ ਬਾਦਲ ਨੇ ਮੈਂਬਰਾਂ ਦੀ ਰਾਏ ਲੈ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਸੀ, ਅਤੇ ਧਾਮੀ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਉਨ੍ਹਾਂ ਦੀ ਉਮੀਦ ‘ਤੇ ਖਰਾ ਉਤਰਨ ਦਾ ਸਬੂਤ ਦਿੱਤਾ। ਇਹ ਜਿੱਤ ਮੈਂਬਰਾਂ ਵਿਚ ਉਨ੍ਹਾਂ ਦੀ ਲੋਕਪ੍ਰਿਯਤਾ ਦੀ ਪ੍ਰਤੀਕ ਹੈ।

ਇਜਲਾਸ ਵਿੱਚ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਰਘੁਜੀਤ ਸਿੰਘ ਵਿਰਕ, ਗੁਰਚਰਨ ਸਿੰਘ ਗਰੇਵਾਲ ਸਮੇਤ 100 ਤੋਂ ਵੱਧ ਮੈਂਬਰ ਹਾਜ਼ਰ ਰਹੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੇ ਹੋਰ ਸਿੰਘ ਸਾਹਿਬਾਨ ਵੀ ਸ਼ਾਮਿਲ ਹੋਏ।