ਅਹਿਮਦਗੜ੍ਹ/ਮਾਲੇਰਕੋਟਲਾ 28 ਮਈ 2025 Aj Di Awaaj
ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਮਾਲੇਰਕੋਟਲਾ ਧਰਮਿੰਦਰਜੀਤ ਸਿੰਘ ਦੀ ਅਗਵਾਹੀ ਹੇਠ ਖੇਤੀਬਾੜੀ ਵਿਭਾਗ ਅਹਿਮਦਗੜ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਅਭਿਆਨ ਚਲਾਇਆ ਗਿਆ। ਜਿਸ ਅਧੀਨ ਪਿੰਡ ਦੁਲਮਾਂ (ਅਮੀਰ ਨਗਰ) ਦੇ ਅਗਾਂਹਵਧੂ ਕਿਸਾਨ ਨਰਿੰਦਰ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ।

ਕਿਸਾਨ ਵੱਲੋਂ ਪਿਛਲੇ ਸਾਲ ਵੀ ਝੋਨੇ ਦੀ ਸਿੱਧੀ ਬਿਜਾਈ ਦਾ ਤਜਰਬਾ ਕੀਤਾ ਗਿਆ ਸੀ।
ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਅਹਿਮਦਗੜ੍ਹ ਨਵਦੀਪ ਕੁਮਾਰ ਨੇ ਦੱਸਿਆ ਕਿ ਮੌਜੂਦਾ ਸਮੇਂ ਦੇ ਵਿੱਚ ਲੇਬਰ ਦੀ ਬਹੁਤ ਵੱਡੀ ਸਮੱਸਿਆ ਆ ਰਹੀ ਹੈ , ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਨਾਲ ਲੇਬਰ ਮਿਲਣ ਦੀ ਸਮੱਸਿਆ ਤੋਂ ਨਿਜਾਤ ਮਿਲ ਸਕਦਾ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਮੁਕਾਬਲੇ ਰਿਵਾਇਤੀ ਢੰਗ ਨਾਲ ਝੋਨਾ ਬੀਜਣ ਵਿੱਚ ਸਮੇਂ ਦੀ ਖੱਪਤ ਜਿਆਦਾ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਦੇ ਲਾਭ ਦੱਸਦਿਆਂ ਉਹਨਾਂ ਕਿਹਾ ਕਿ ਇਸ ਨਾਲ 15 ਤੋਂ 20% ਪਾਣੀ ਦੀ ਬੱਚਤ ਹੁੰਦੀ ਹੈ ਅਤੇ ਜ਼ਮੀਨਦੋਜ ਪਾਣੀ ਦਾ 10 ਤੋਂ 12% ਜਿਆਦਾ ਰਿਚਾਰਜ ਹੁੰਦਾ ਹੈ, ਫਸਲ ਨੂੰ ਬਿਮਾਰੀਆਂ ਘੱਟ ਲੱਗਦੀਆਂ ਹਨ। ਇਸ ਤੋਂ ਇਲਾਵਾ ਉੱਲੀਨਾਸ਼ਕਾ ਅਤੇ ਸਪਰੇਅ ਉੱਪਰ ਹੋਣ ਵਾਲਾ ਖਰਚਾ ਵੀ ਘੱਟਦਾ ਹੈ।
ਉਹਨਾਂ ਬਾਕੀ ਕਿਸਾਨਾਂ ਨੂੰ ਪ੍ਰੇਰਿਤ ਕਰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੀ ਜਾ ਰਹੀ ਹੈ। ਝੋਨੇ ਦੀ ਸਿੱਧੀ ਬਜਾਈ ਦੌਰਾਨ ਖੇਤੀਬਾੜੀ ਉਪ-ਨਿਰਖਿਕ ਹਰਮਿੰਦਰ ਸਿੰਘ ਵੀ ਸ਼ਾਮਿਲ ਸਨ।














