ਮਾਲੇਰਕੋਟਲਾ 21 ਅਗਸਤ 2025 AJ DI Awaaj
Punjab Desk : ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਚੰਡੀਗੜ੍ਹ ਅਤੇ ਅਲਿਮਕੋ ਦੇ ਤਾਲਮੇਲ ਨਾਲ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਦੀ ਸ਼ਨਾਖ਼ਤ ਲਈ 03 ਸਤੰਬਰ ਨੂੰ ਸਵੇਰੇ 09.00 ਵਜੇ ਤੋਂ ਸ਼ਾਮ 04.00 ਵਜੇ ਤੱਕ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਸੈਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਬਲਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਮਾਹਿਰ ਡਾਕਟਰਾਂ ਦੀਆਂ ਟੀਮਾਂ ਵਿਸ਼ੇਸ਼ ਲੋੜਾਂ ਵਾਲੇ ਉਨ੍ਹਾਂ ਬੱਚਿਆਂ ਦੀ ਸ਼ਨਾਖ਼ਤ ਕਰਨਗੀਆਂ ਜਿਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਅੰਗਹੀਣਤਾ ਦੇ ਆਧਾਰ ਤੇ ਸਪੈਸ਼ਲ ਯੰਤਰਾਂ ਦੀ ਲੋੜ ਪੈਂਦੀ ਹੈ, ਜਿਨ੍ਹਾਂ ਯੰਤਰਾਂ ਦੀ ਮਦਦ ਨਾਲ ਬੱਚਾ ਆਪਣੀ ਰੋਜ਼ਮਰ੍ਹਾ ਦੀ ਜ਼ਿੰਦਗੀ ਨੂੰ ਸੁਖਾਲੇ ਢੰਗ ਨਾਲ ਬਤੀਤ ਕਰ ਸਕਦਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਸਹੀ ਅਤੇ ਸੁਚੱਜੇ ਢੰਗ ਨਾਲ ਜਾਂਚ ਕਰਨ ਲਈ ਅੱਖਾਂ, ਕੰਨ, ਹੱਡੀਆਂ ਅਤੇ ਦਿਮਾਗੀ ਬਿਮਾਰੀਆਂ ਦੇ ਮਾਹਿਰ ਡਾਕਟਰ ਅਤੇ ਜਰਨਰਲ ਫਿਜ਼ੀਸ਼ੀਅਨ ਇਸ ਕੈਂਪ ਵਿੱਚ ਮੌਜੂਦ ਰਹਿਣਗੇ। ਇਸ ਕੈਂਪ ਵਿੱਚ ਉਹਨਾਂ ਲੋੜਵੰਦ ਦਿਵਿਆਂਗ ਵਿਦਿਆਰਥੀਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਜਿਨ੍ਹਾਂ ਨੂੰ ਉਨ੍ਹਾਂ ਦੀ ਅੰਗਹੀਣਤਾ ਦੇ ਆਧਾਰ ਤੇ ਵਿਸ਼ੇਸ਼ ਯੰਤਰ ਮੁਫ਼ਤ ਮੁਹੱਈਆ ਕਰਵਾਏ ਜਾ ਸਕਣ ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਦਿਵਿਆਂਗ ਬੱਚੇ ਦੀ ਅਸੈਸਮੈਂਟ ਕਰਵਾਉਣਾ ਯਕੀਨੀ ਬਣਾਉਣ ।
