ਝੋਨੇ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ

30

ਗੁਰਦਾਸਪੁਰ,  24 ਸਤੰਬਰ 2025 AJ DI Awaaj

Punjab Desk : ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਖ਼ਰੀਫ਼ ਸੀਜ਼ਨ 2025-26 ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੀ ਕੁਲ 768865 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ।

ਖ਼ਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਲਈ ਕੁੱਲ 92 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖ਼ਰੀਦ ਏਜੰਸੀਆਂ ਲਈ ਖ਼ਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਖ਼ਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ, ਵੇਅਰ ਹਾਊਸ ਅਤੇ ਐਫ.ਸੀ.ਆਈ. ਝੋਨੇ ਦੀ ਖ਼ਰੀਦ ਕਰਨਗੀਆਂ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਨੂੰ ਸੀਜ਼ਨ ਦੌਰਾਨ ਬਾਰਦਾਨੇ ਦੀਆਂ ਕੁੱਲ 20606 ਗੱਠਾਂ ਦੀ ਲੋੜ ਹੈ ਅਤੇ ਖ਼ਰੀਦ ਏਜੰਸੀਆਂ ਪਾਸ ਸਾਰੀਆਂ 20903 ਗੱਠਾਂ ਉਪਲਬਧ ਹਨ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫੜ੍ਹਾਂ ਦੀ ਸਫ਼ਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਸਮੂਹ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਖ਼ਰੀਦ ਅਮਲੇ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਖ਼ਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾਵੇਗੀ ਅਤੇ ਲਿਫ਼ਟਿੰਗ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੀ ਮੰਡੀਆਂ ਦਾ ਵਿਸ਼ੇਸ਼ ਮੁਆਇਨਾ ਕੀਤਾ ਜਾ ਰਿਹਾ ਹੈ ਅਤੇ ਜੇਕਰ ਕਿਸੇ ਮੰਡੀ ਵਿੱਚ ਹੜ੍ਹਾਂ ਕਾਰਨ ਜ਼ਿਆਦਾ ਨੁਕਸਾਨ ਹੋਇਆ ਪਾਇਆ ਗਿਆ ਤਾਂ ਉਸ ਦੇ ਬਦਲਵੇਂ ਪ੍ਰਬੰਧ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਖ਼ਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2389 ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਸਰਕਾਰ ਵੱਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫ਼ਸਲ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ।  ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਹੀਂ ਫ਼ਸਲ ਦੀ ਕਟਾਈ ਵੀ ਕੇਵਲ ਦਿਨ ਵੇਲੇ ਹੀ ਕੀਤੀ ਜਾਵੇ ਅਤੇ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ਉੱਪਰ ਪਾਬੰਦੀ ਹੋਵੇਗੀ।

ਮੀਟਿੰਗ ਦੌਰਾਨ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਮਾਰਕਫੈੱਡ ਗੁਰਪ੍ਰੀਤ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਵਿੰਦਰ ਸਿੰਘ ਰਿਆੜ, ਡੀ.ਐੱਮ. ਪਨਸਪ ਸੰਦੀਪ ਸਿੰਘ, ਡੀ.ਐੱਮ. ਵੇਅਰਹਾਊਸ ਕਰਨਦੀਪ ਸਿੰਘ, ਡੀ.ਐੱਮ. ਐੱਫ.ਸੀ.ਆਈ. ਭਗਵਾਨ ਸਿੰਘ, ਜ਼ਾਫ਼ਰ ਹੁਸੈਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।