ਜੁਲਾਈ ਮਹੀਨੇ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼

33
ਬਰਨਾਲਾ, 10 ਜੁਲਾਈ 2026 AJ DI Awaaj
Punjab Desk :   ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਨਿਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਇੱਕ ਵਿਸ਼ੇਸ਼ ਮੁਹਿੰਮ “ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਸ਼ੁਰੂ ਕੀਤੀ ਗਈ ਹੈ।
ਇਸ ਮੁਹਿੰਮ ਦੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ, ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਜੁਲਾਈ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ ਪੱਕੇ ਤੌਰ ‘ਤੇ ਪਾਣੀ ਖੜ੍ਹਾ ਹੋਣ ਵਾਲੀਆਂ ਥਾਂਵਾਂ, ਖਾਲੀ ਪਲਾਟਾਂ, ਉੱਚ ਜੋਖਮ ਵਾਲੇ ਖੇਤਰਾਂ ਅਤੇ ਹੋਰ ਜਨਤਕ ਥਾਂਵਾਂ ‘ਤੇ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।
ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ ‘ਖੁਸ਼ਕ ਦਿਨ’ ਵਜੋਂ ਮਨਾਇਆ ਜਾਵੇ। ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਅਤੇ ਧੁੱਪ ਵਿੱਚ ਸੁਕਾ ਕੇ ਹੀ ਦੁਬਾਰਾ ਵਰਤਿਆ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਘਰ-ਘਰ ਅਤੇ ਜਨਤਕ ਥਾਂਵਾਂ ‘ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਮੱਛਰ ਦਾ ਲਾਰਵਾ ਮਿਲਦਾ ਹੈ, ਉਸ ਨੂੰ ਮੌਕੇ ‘ਤੇ ਹੀ ਨਸ਼ਟ ਕਰਵਾ ਦਿੱਤਾ ਜਾਂਦਾ ਹੈ।
ਸਿਹਤ ਸੁਪਰਵਾਈਜ਼ਰ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਬੁਖਾਰ ‘ਏਡੀਜ਼ ਅਜੈਪਟੀ’ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਕਿ ਦਿਨ ਵੇਲੇ ਕੱਟਦਾ ਹੈ। ਇਹ ਮੱਛਰ ਇੱਕ ਹਫ਼ਤੇ ਤੋਂ ਵੱਧ ਸਮੇਂ ਤੱਕ ਖੜ੍ਹੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।
ਇਸ ਤੋਂ ਬਚਾਅ ਲਈ ਕਬਾੜ ਵਿੱਚ ਪਏ ਟਾਇਰਾਂ, ਟੁੱਟੇ ਘੜਿਆਂ ਅਤੇ ਗਮਲਿਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ, ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ, ਮੱਛਰਾਂ ਤੋਂ ਬਚਣ ਲਈ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ।
ਤੇਜ਼ ਬੁਖਾਰ ਹੋਣਾ ਅਤੇ ਕਾਂਬਾ ਲੱਗਣਾ, ਬੁਖਾਰ ਤੋਂ ਬਾਅਦ ਪਸੀਨਾ ਆਉਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ ਰਹਿਣਾ, ਭੁੱਖ ਘੱਟ ਲੱਗਣਾ ਆਦਿ ਡੇਂਗੂ ਅਤੇ ਮਲੇਰੀਆ ਦੇ ਮੁੱਖ ਲੱਛਣ ਹਨ।
ਜੇਕਰ ਕਿਸੇ ਵਿਅਕਤੀ ਨੂੰ ਉਪਰੋਕਤ ਵਿੱਚੋਂ ਕੋਈ ਵੀ ਲੱਛਣ ਦਿਖਾਈ ਦੇਵੇ, ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰਾਂ ਤੋਂ ਮੁਫ਼ਤ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕੁਲਵੰਤ ਸਿੰਘ, ਜ਼ਿਲ੍ਹਾ ਕਮਿਊਨਿਟੀ ਮੈਨੇਜਰ ਬਲਜਿੰਦਰ ਸਿੰਘ, ਗੁਰਦੀਪ ਸਿੰਘ ਸਮੇਤ ਏ.ਐਨ.ਐਮਜ਼ ਅਤੇ ਆਸ਼ਾ ਵਰਕਰ ਹਾਜ਼ਰ ਸਨ।