ਤਲਵਾੜਾ, 13 ਅਕਤੂਬਰ 2026 AJ DI Awaaj
Punjab Desk : ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਭਾਖੜਾ ਬਿਆਸ ਪ੍ਰਬੰਧ ਬੋਰਡ (ਬੀਬੀਐੱਮਬੀ), ਤਲਵਾੜਾ ਵਿਖੇ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ।
ਸਮਾਗਮ ਦੌਰਾਨ ਉਪ ਮੁੱਖ ਇੰਜਨੀਅਰ ਵਿਮਲ ਕੁਮਾਰ ਮੀਨਾ ਨੇ ਬੋਰਡ ਦੇ ਸਟਾਫ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਸਹੁੰ ਚੁਕਾਈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਸਮੱਸਿਆ ਹੈ, ਜੋ ਵਿਅਕਤੀ ਦੀ ਸਿਹਤ, ਪਰਿਵਾਰਕ ਜੀਵਨ ਅਤੇ ਸਮਾਜਿਕ ਤਾਣੇ-ਬਾਣੇ ਨੂੰ ਪ੍ਰਭਾਵਿਤ ਕਰਦੀ ਹੈ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਯਤਨਾਂ ਨਾਲ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਨਤੀਜਿਆਂ ਬਾਰੇ ਜਾਣੂ ਕਰਵਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨ ਅਤੇ ਖੁਦ ਵੀ ਨਸ਼ਿਆਂ ਤੋਂ ਦੂਰ ਰਹਿਣ।
ਇਸ ਸਹੁੰ ਚੁੱਕ ਸਮਾਗਮ ਰਾਹੀਂ ਬੀਬੀਐੱਮਬੀ ਤਲਵਾੜਾ ਵੱਲੋਂ ਨਸ਼ਿਆਂ ਵਿਰੁੱਧ ਸਮਾਜਿਕ ਜਾਗਰੂਕਤਾ ਵਧਾਉਣ ਅਤੇ ਸਿਹਤਮੰਦ, ਸੁਰੱਖਿਅਤ ਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਵਚਨਬੱਧਤਾ ਪ੍ਰਗਟਾਈ ਗਈ। ਇਸ ਮੌਕੇ ਨਿਗਰਾਨ ਇੰਜਨੀਅਰ ਪ੍ਰਬੋਧ ਕੁਮਾਰ, ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ ਅਤੇ ਸੁਪਰਡੈਂਟ ਤਿਲਕ ਰਾਜ ਸ਼ਰਮਾ ਵੀ ਹਾਜਰ ਸਨ।



















