ਅਬੋਹਰ 6 ਮਈ 2025 Aj Di Awaaj
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਅੱਜ ਪਿੰਡ ਪੰਨੀਵਾਲਾ ਮਾਹਲਾ ਦੇ ਸਰਕਾਰੀ ਪ੍ਰਾਈਮਰੀ ਅਤੇ ਮਿੱਡਲ ਸਕੂਲ ਵਿਖੇ 25.84 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ।
ਇਸ ਮੌਕੇ ਬੋਲਦਿਆਂ ਉਹਨਾਂ ਆਖਿਆ ਕਿ ਪਿਛਲੀਆਂ ਸਰਕਾਰਾਂ ਸਮੇਂ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਡਿੱਗ ਗਿਆ ਸੀ ਪਰ ਹੁਣ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਦੇਸ਼ ਵਿਦੇਸ਼ ਤੋਂ ਸਿਖਲਾਈ ਦਿਵਾਈ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਵਾਈਫਾਈ ਦੀ ਸੁਵਿਧਾ ਤੋਂ ਇਲਾਵਾ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਗਈ ਹੈ। ਰਾਜ ਵਿੱਚ 12000 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਗਿਆ ਹੈ ਅਤੇ 20 ਹਜਾਰ ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਅੱਜ ਸਾਡੇ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੀ ਸਥਾਨ ਹਾਸਲ ਕਰ ਰਹੇ।
ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਇਸ ਮੌਕੇ ਇਕੱਤਰ ਹੋਏ ਪਿੰਡ ਵਾਸੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੀ ਵੱਧ ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਖਤਮ ਕਰ ਰਹੀ ਹੈ ਅਤੇ ਲੋਕ ਵੀ ਸਹਿਯੋਗ ਕਰਨ। ਜੇਕਰ ਕਿਤੇ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸਨੂੰ ਪ੍ਰੇਰਿਤ ਕਰਕੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਤੱਕ ਲਿਆਂਦਾ ਜਾਵੇ ਜਿੱਥੇ ਸਰਕਾਰ ਵੱਲੋਂ ਉਸਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।














