ਧਨੌਲਾ, 17 ਮਾਰਚ 2026 AJ DI Awaaj
Punjab Desk : ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਦੀ ਅਗਵਾਈ ਵਿੱਚ ਸੀ.ਐੱਚ.ਸੀ ਧਨੌਲਾ ਵਿਖੇ ਚੱਲ ਰਹੀ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਤਹਿਤ 14 ਤੋਂ 15 ਸਾਲ ਦੀਆਂ ਕੁੜੀਆਂ ਦੇ ਟੀਕਾਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਬੱਚੇਦਾਨੀ ਦੇ ਕੈਂਸਰ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲਾ ਇਹ ਟੀਕਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਲਗਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਜਿੱਥੇ ਸੋਸ਼ਲ ਮੀਡੀਆ ‘ਤੇ ਫ਼ੈਲ ਰਹੀਆਂ ਅਫ਼ਵਾਹਾਂ ਕਾਰਨ ਕੁਝ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਇਹ ਟੀਕਾ ਲਗਵਾਉਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ, ਉੱਥੇ ਹੀ ਸਿਹਤ ਵਿਭਾਗ ਦੀ ਟੀਮ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ਪਿੰਡ ਦੀਆਂ ਮੋਹਤਬਰ ਸ਼ਖਸੀਅਤਾਂ/ਬੁੱਧੀਜੀਵੀਆਂ ਵੱਲੋਂ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾਉਣ ਉਪਰੰਤ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਇਆ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫ਼ਸਰ ਨੇ ਬਾਕੀ ਮਾਪਿਆਂ ਨੂੰ ਵੀ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫ਼ਵਾਹਾਂ ਤੋਂ ਬਚਣ ਅਤੇ ਮਨ ਵਿਚ ਕਿਸੇ ਵੀ ਤਰ੍ਹਾਂ ਦਾ ਸ਼ੰਕਾ ਹੋਣ ‘ਤੇ ਮੈਡੀਕਲ ਖੇਤਰ ਦੇ ਮਾਹਿਰਾਂ ਦੀ ਰਾਏ ਲੈਣ ਦੀ ਸਲਾਹ ਦਿੱਤੀ ਹੈ।
ਬੀ.ਈ.ਈ ਰਤਿਕਾ ਓਬਰਾਏ ਨੇ ਦੱਸਿਆ ਕਿ ਰਾਜੀਆ ਵਿਖੇ ਏ.ਐੱਨ.ਐੱਮ ਵਜੋਂ ਸੇਵਾਵਾਂ ਨਿਭਾ ਰਹੀ ਸਵਰਨ ਲਤਾ ਨਾਲ ਆਪਣੀ ਬੇਟੀ ਪ੍ਰੀਤ ਕੌਰ ਦਾ ਟੀਕਾ ਲਗਵਾਉਣ ਆਏ ਉਸਦੇ ਮਾਤਾ ਨਰਿੰਦਰ ਕੌਰ ਨੇ ਸਾਰੇ ਮਾਪਿਆਂ ਨੂੰ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫ਼ਵਾਹਾਂ ਤੋਂ ਬਚਣ ਅਤੇ ਆਪਣੀਆਂ ਬੇਟੀਆਂ ਦੇ ਸੁਰੱਖਿਅਤ ਭਵਿੱਖ ਲਈ ਉਹਨਾਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਇਸੇ ਤਰ੍ਹਾਂ ਧੂਰਕੋਟ ਵਿਖੇ ਏ.ਐੱਨ.ਐੱਮ ਕੁਲਦੀਪ ਕੌਰ ਨਾਲ ਟੀਕਾ ਲਗਵਾਉਣ ਆਈ ਇੱਕ ਲਾਭਪਾਤਰੀ ਨੇ ਆਪਣੇ ਹਾਣ ਦੀਆਂ ਕੁੜੀਆਂ ਨੂੰ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਬਿਨਾਂ ਡਰੇ ਇਹ ਟੀਕਾ ਲਗਵਾਉਣ ਦੀ ਸਲਾਹ ਦਿੱਤੀ ਹੈ। ਭੱਠਲਾਂ ਤੋਂ ਆਪਣੀ ਬੇਟੀ ਮਹਿਕਪ੍ਰੀਤ ਕੌਰ ਦਾ ਟੀਕਾਕਰਨ ਕਰਵਾਉਣ ਆਏ ਉਸਦੇ ਪਿਤਾ ਹਰਭੋਲ ਸਿੰਘ ਨੇ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਮੁਹਿੰਮ ਚਲਾਉਣ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ।














