ਜ਼ਿਲ੍ਹੇ ਵਿੱਚ ਜਾਗਰੂਕਤਾ ਗਤੀਵਿਧੀਆਂ ਵਿਆਪਕ ਪੱਧਰ ‘ਤੇ ਜਾਰੀ

36

ਮਾਨਸਾ, 6 ਅਕਤੂਬਰ 2025 AJ DI Awaaj

Punjab Desk :  ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਨੂੰ ਪਰਾਲੀ ਪ੍ਰਬੰਧਨ ਵਿੱਚ ਮੋਹਰੀ ਬਣਾਉਣ ਲਈ ਵੱਡੀ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਫਫੜੇ ਭਾਈਕੇ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਰੱਲਾ ਵਿਖੇ ਆਈ.ਈ.ਸੀ. ਗਤੀਵਿਧੀਆਂ ਅਧੀਨ ਪਰਾਲੀ ਪ੍ਰਬੰਧਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪੇਂਟਿੰਗ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਵਿਦਿਆਰਥੀਆਂ ਨੇ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਸੁੰਦਰ ਚਿੱਤਰਾਂ ਰਾਹੀਂ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਬੱਚਿਆਂ ਨੇ ਵੱਖ-ਵੱਖ ਵਿਧੀਆਂ ਰਾਹੀਂ ਆਈ.ਈ.ਸੀ. ਗਤੀਵਿਧੀਆਂ ਨੂੰ ਅਪਨਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੀ ਬਜਾਏ ਉਸ ਦਾ ਸਹੀ ਪ੍ਰਬੰਧਨ ਜਿਵੇਂ ਕਿ ਮਸ਼ੀਨਾਂ ਰਾਹੀਂ ਖੇਤਾਂ ਵਿੱਚ ਮਿਲਾਉਣਾ, ਖਾਦ ਬਣਾਉਣ ਆਦਿ ਬਾਰੇ ਜਾਣੂ ਕਰਵਾਇਆ ਗਿਆ। ਪੇਂਟਿੰਗ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਆਪੋ ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਹੋ ਰਹੀ ਹੈ ਜੋ ਅੱਗੇ ਜਾ ਕੇ ਆਪਣੇ ਪਰਿਵਾਰ ਅਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ/ਨਾੜ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ, ਸਗੋਂ ਖੇਤੀਬਾੜੀ ਵਿਭਾਗ ਦੁਆਰਾ ਸਬਸਿਡੀ ‘ਤੇ ਦਿੱਤੀ ਜਾ ਰਹੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਹੱਲ ਕਰਨ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਉਹ ਆਪਣੇ ਮਾਪਿਆਂ ਅਤੇ ਆਸ-ਪਾਸ ਦੇ ਲੋਕਾਂ ਨੂੰ ਜਾਗਰੂਕ ਕਰਨ ਕਿ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 06 ਵਜੇ ਤੱਕ ਹੀ ਫ਼ਸਲ ਦੀ ਕਟਾਈ ਕੀਤੀ ਜਾਵੇ ਤਾਂ ਜੋ ਝੋਨੇ ਵਿਚ ਨਮੀ ਦੀ ਸਮੱਸਿਆ ਨਾ ਆਵੇ। ਓਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ ਜਾਵੇ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।