ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ

2

ਧਨੌਲਾ, 30 ਅਕਤੂਬਰ 2026 AJ DI Awaaj

Punjab Desk :   ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਅਤੇ ਮਲੇਰੀਆ ਵਰਗੀਆਂ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਮੁਹਿੰਮ ਤਹਿਤ ਵਿਭਾਗ ਦੀ ਐਂਟੀ-ਲਾਰਵਾ ਟੀਮ ਵੱਲੋਂ ਇਲਾਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ (ਗੁਰਦੁਆਰਿਆਂ, ਮੰਦਰਾਂ ਆਦਿ) ਦੀ ਚੈਕਿੰਗ ਕੀਤੀ ਗਈ।

ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਰਹਿਨੁਮਾਈ ਵਿੱਚ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ. ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਧਨੌਲਾ ਦੇ ਧਾਰਮਿਕ ਸਥਾਨਾਂ ਦੇ ਲੰਗਰ ਹਾਲ,  ਕੂਲਰਾਂ, ਗਮਲਿਆਂ ਅਤੇ ਹੋਰ ਥਾਵਾਂ ‘ਤੇ ਖੜ੍ਹੇ ਪਾਣੀ ਦੀ ਬਾਰੀਕੀ ਨਾਲ ਜਾਂਚ ਕੀਤੀ। ਸਿਹਤ ਕਰਮਚਾਰੀਆਂ ਨੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਉੱਥੇ ਆਉਣ ਵਾਲੀਆਂ ਸੰਗਤਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਧਾਰਮਿਕ ਸਥਾਨਾਂ ‘ਤੇ ਰੋਜ਼ਾਨਾ ਵੱਡੀ ਗਿਣਤੀ ‘ਚ ਲੋਕ ਮੱਥਾ ਟੇਕਣ ਆਉਂਦੇ ਹਨ, ਇਸ ਲਈ ਇਹਨਾਂ ਥਾਵਾਂ ‘ਤੇ ਸਫ਼ਾਈ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।

ਬਲਾਕ ਮੀਡੀਆ ਅਫ਼ਸਰ ਰਤਿਕਾ ਓਬਰਾਏ ਨੇ ਦੱਸਿਆ ਕਿ  ਐੱਮ.ਪੀ.ਐੱਸ ਪਰਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਦਰਸ਼ਪ੍ਰੀਤ ਸਿੰਘ ਦੀ ਅਗਵਾਈ ਵਾਲੀ ਐਂਟੀ ਲਾਰਵਾ ਟੀਮ ਵਿਚ ਸ਼ਾਮਲ ਮਲਟੀਪਰਪਜ਼ ਹੈਲਥ ਵਰਕਰ ਕੁਲਦੀਪ ਸਿੰਘ ਵਿਰਕ ਅਤੇ ਲਖਵਿੰਦਰ ਸਿੰਘ ਤੋਂ ਇਲਾਵਾ ਏ.ਐੱਨ.ਐੱਮ ਗੁੱਡੀ ਕੌਰ ਅਤੇ ਬ੍ਰੀਡ ਚੈੱਕਰ ਅੰਗਦ ਸਿੰਘ ਵੱਲੋਂ ਇਹ ਚੈਕਿੰਗ ਕੀਤੀ ਗਈ। ਉਹਨਾਂ ਚੈਕਿੰਗ ਦੌਰਾਨ ਲੋਕਾਂ ਨੂੰ ਤੇਜ਼ ਬੁਖਾਰ, ਸਿਰ ਦਰਦ, ਜਾਂ ਸਰੀਰ ਵਿੱਚ ਦਰਦ ਵਰਗੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਰਕਾਰੀ ਹਸਪਤਾਲ ‘ਚ ਜਾਂਚ ਕਰਵਾਉਣ ਦੀ ਅਪੀਲ ਕੀਤੀ।