ਰੇਬੀਜ਼ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ

1

ਰੂਪਨਗਰ, 28 ਸਤੰਬਰ 2026 AJ DI Awaaj

Punjab Desk : ਸਿਹਤ ਵਿਭਾਗ ਰੂਪਨਗਰ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ “ਵਿਸ਼ਵ ਰੇਬੀਜ਼ (ਹਲਕਾਅ) ਦਿਵਸ” ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਉਦੇਸ਼ ਆਮ ਲੋਕਾਂ ਨੂੰ ਰੇਬੀਜ਼ ਵਰਗੀ ਜਾਨਲੇਵਾ ਬਿਮਾਰੀ ਸਬੰਧੀ ਜਾਗਰੂਕ ਕਰਨਾ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਸਟਾਫ਼ ਮੈਂਬਰਾਂ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।

ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਤੋਂ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ “ਵਿਸ਼ਵ ਰੇਬੀਜ਼ ਦਿਵਸ” ਮੌਕੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਇਹ ਦਿਵਸ “ਇਕੱਠੇ ਮਿਲ ਕੇ ਵਧੇਰੇ ਮਜ਼ਬੂਤ” ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਰੇਬੀਜ਼ ਦੇ ਖ਼ਤਰੇ ਨੂੰ ਘਟਾਉਣ ਲਈ ਸਮੂਹਿਕ ਯਤਨਾਂ ਨੂੰ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਰੇਬੀਜ਼ ਇੱਕ ਗੰਭੀਰ ਅਤੇ ਜਾਨਲੇਵਾ ਬਿਮਾਰੀ ਹੈ, ਜਿਸ ਦੇ ਲੱਛਣ ਪ੍ਰਗਟ ਹੋਣ ਤੋਂ ਬਾਅਦ ਇਸ ਦਾ ਇਲਾਜ ਬਹੁਤ ਮੁਸ਼ਕਲ ਹੋ ਜਾਂਦਾ ਹੈ। ਇਸ ਲਈ ਰੇਬੀਜ਼ ਤੋਂ ਬਚਾਅ ਲਈ ਸਮੇਂ ਸਿਰ ਸਾਵਧਾਨੀ ਵਰਤਣਾ ਅਤੇ ਲੋੜ ਪੈਣ ’ਤੇ ਤੁਰੰਤ ਡਾਕਟਰੀ ਸਹਾਇਤਾ ਲੈਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਜਾਨਵਰ, ਖ਼ਾਸ ਕਰਕੇ ਕੁੱਤੇ, ਬਿੱਲੀ ਜਾਂ ਕਿਸੇ ਹੋਰ ਜੰਗਲੀ ਜਾਨਵਰ ਵੱਲੋਂ ਵੱਢਿਆ ਜਾਂ ਖਰੋਚਿਆ ਗਿਆ ਹੋਵੇ ਤਾਂ ਇਸ ਨੂੰ ਕਦੇ ਵੀ ਅਣਦੇਖਾ ਨਾ ਕੀਤਾ ਜਾਵੇ। ਸਭ ਤੋਂ ਪਹਿਲਾਂ ਜ਼ਖ਼ਮ ਨੂੰ ਸਾਫ਼ ਪਾਣੀ ਅਤੇ ਸਾਬਣ ਨਾਲ ਘੱਟੋ-ਘੱਟ 10 ਤੋਂ 15 ਮਿੰਟ ਤੱਕ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ ਅਤੇ ਇਸ ਤੋਂ ਬਾਅਦ ਡਿਟੋਲ ਜਾਂ ਕਿਸੇ ਹੋਰ ਐਂਟੀਸੈਪਟਿਕ ਨਾਲ ਸਾਫ਼ ਕਰਨਾ ਚਾਹੀਦਾ ਹੈ। ਇਸ ਉਪਰੰਤ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਡਾਕਟਰੀ ਸਲਾਹ ਅਨੁਸਾਰ ਇਲਾਜ ਅਤੇ ਐਂਟੀ-ਰੇਬੀਜ਼ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਇਹ ਟੀਕੇ ਮੁਫ਼ਤ ਉਪਲਬਧ ਹਨ।

ਸੈਮੀਨਾਰ ਦੌਰਾਨ ਜ਼ਿਲ੍ਹਾ ਐਪੀਡਮੀਓਲੋਜਿਸਟ ਡਾ. ਹਰਸ਼ਰਨ ਕਾਲੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਅਵਾਰਾ ਜਾਨਵਰਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁੱਤਿਆਂ ਜਾਂ ਹੋਰ ਵੱਢਣ ਵਾਲੇ ਜਾਨਵਰਾਂ ਨੂੰ ਗਲੀਆਂ ਜਾਂ ਜਨਤਕ ਥਾਵਾਂ ’ਤੇ ਖੁੱਲ੍ਹਾ ਨਹੀਂ ਛੱਡਣਾ ਚਾਹੀਦਾ ਅਤੇ ਉਨ੍ਹਾਂ ਨਾਲ ਛੇੜਛਾੜ ਕਰਨ ਤੋਂ ਵੀ ਬਚਣਾ ਚਾਹੀਦਾ ਹੈ।

ਉਨ੍ਹਾਂ ਨੇ ਪਾਲਤੂ ਜਾਨਵਰਾਂ ਦਾ ਸਮੇਂ-ਸਮੇਂ ’ਤੇ ਪਸ਼ੂ ਪਾਲਣ ਵਿਭਾਗ ਤੋਂ ਟੀਕਾਕਰਨ ਕਰਵਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਲਤੂ ਜਾਨਵਰਾਂ ਦਾ ਨਿਯਮਤ ਟੀਕਾਕਰਨ ਕਰਵਾਉਣ ਨਾਲ ਰੇਬੀਜ਼ ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕਿਸੇ ਵੀ ਜਾਨਵਰ ਦੇ ਵੱਢਣ ਤੋਂ ਬਾਅਦ ਘਰੇਲੂ ਨੁਸਖਿਆਂ ਜਾਂ ਅੰਧਵਿਸ਼ਵਾਸਾਂ ’ਤੇ ਭਰੋਸਾ ਕਰਨਾ ਖ਼ਤਰਨਾਕ ਹੋ ਸਕਦਾ ਹੈ। ਨੀਮ-ਹਕੀਮਾਂ ਤੋਂ ਇਲਾਜ ਕਰਵਾਉਣ ਜਾਂ ਝਾੜ-ਫੂਕ ਵਰਗੀਆਂ ਗ਼ਲਤ ਪ੍ਰਥਾਵਾਂ ਦੀ ਬਜਾਏ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸਹੀ ਡਾਕਟਰੀ ਸਲਾਹ ਅਤੇ ਇਲਾਜ ਲੈਣ ਨਾਲ ਰੇਬੀਜ਼ ਤੋਂ ਬਚਾਅ ਕੀਤਾ ਜਾ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਵੀ ਹਾਜ਼ਰੀਨ ਨੂੰ ਰੇਬੀਜ਼ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਸਮਾਜ ਦੇ ਸਾਰੇ ਵਰਗਾਂ ਤੱਕ ਜਾਗਰੂਕਤਾ ਪਹੁੰਚਾਈ ਜਾ ਰਹੀ ਹੈ।

ਸੈਮੀਨਾਰ ਵਿੱਚ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ ਨੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਹਰੇਕ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਰੇਬੀਜ਼ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਅਪਣਾਵੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕਰੇ।