ਚੁਹਾਨਕੇ ਕਲਾਂ ਵਿੱਚ ਫ਼ਸਲੀ ਵਿਭਿੰਨਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ

26

ਬਰਨਾਲਾ, 18 ਸਤੰਬਰ 2025 AJ DI Awaaj

Punjab Desk : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਦੇ ਜ਼ਿਲ੍ਹਾ ਪਸਾਰ ਵਿਗਿਆਨੀ ਡਾ. ਅਮਨਦੀਪ ਕੌਰ ਵੱਲੋਂ ਪਿੰਡ ਚੁਹਾਨਕੇ ਕਲਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਫ਼ਸਲੀ ਵਿਭਿੰਨਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਕਿਸਾਨਾਂ ਨੂੰ ਹਾੜੀ ਰੁੱਤੇ ਬੀਜੀਆਂ ਜਾਣ ਵਾਲੀਆਂ ਤੇਲਬੀਜ ਫ਼ਸਲਾਂ, ਦਾਲਾਂ ਅਤੇ ਸਬਜ਼ੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਫੋਕ ਘਟਾਉਣ ਲਈ ਗੋਭ ਸਮੇਂ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦੇ ਛਿੜਕਾਅ ਬਾਰੇ ਸੁਝਾਅ ਦਿੱਤਾ। ਝੋਨੇ ਅਤੇ ਬਾਸਮਤੀ ਦੇ ਕੀੜਿਆਂ ਅਤੇ ਬਿਮਾਰੀਆਂ ਜਿਵੇਂ ਕਿ ਪੱਤਾ ਲਪੇਟ ਸੁੰਡੀ, ਸ਼ੀਥ ਬਲਾਈਟ, ਝੂਠੀ ਕਾਂਗਿਆਰੀ ਅਤੇ ਬਲਾਸਟ ਦੇ ਰੋਕਥਾਮ ਲਈ ਨਵੀਆਂ ਸਿਫ਼ਾਰਸ਼ਾਂ, ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਹੈਪੀਸੀਡਰ, ਸੁਪਰ ਸੀਡਰ, ਪੀ ਏ ਯੂ ਸਮਾਰਟ ਸੀਡਰ ਅਤੇ ਸਰਫ਼ੇਸ ਸੀਡਿੰਗ-ਕਮ-ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਕਿਸਾਨਾਂ ਨੂੰ ਹਾੜ੍ਹੀ ਵਿੱਚ ਬੀਜੀਆਂ ਜਾਣ ਵਾਲੀਆਂ ਕਣਕ ਦੀਆਂ ਨਵੀਆਂ ਸਿਫ਼ਾਰਿਸ਼ ਕਿਸਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਉੱਠੇ ਕਈ ਸਵਾਲ, ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜ, ਜੈਵਿਕ ਮਾਦਾ ਵਧਾਉਣ ਦੇ ਤਰੀਕੇ ਆਦਿ ਦੇ ਪ੍ਰਭਾਵਸ਼ਾਲੀ ਢੰਗ ਨਾਲ ਉੱਤਰ ਦਿੱਤੇ ਗਏ।
ਇਸ ਮੌਕੇ ਉਨ੍ਹਾਂ ਘਰੇਲੂ ਬਗੀਚੀ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ, ਕਿਸਾਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀ ਦੀਆਂ ਕਿੱਟਾਂ ਉਪਲੱਬਧ ਕਰਵਾਈਆਂ ਗਈਆਂ।
ਇਸ ਮੌਕੇ ਪੀ.ਏ.ਯੂ ਸਾਹਿਤ ਵੀ ਵੰਡਿਆ ਗਿਆ। ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਹਾੜ੍ਹੀ ਰੁੱਤ ਲਈ ਲਗਾਏ ਜਾ ਰਹੇ ਕਿਸਾਨ ਮੇਲਿਆਂ ਦਾ ਪ੍ਰਚਾਰ ਵੀ ਕੀਤਾ।